ਚੰਡੀਗੜ੍ਹ: ਚੋਣ ਕਮਿਸ਼ਨ ਵੱਲੋਂ ਬੇਅਦਬੀ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੇ SIT ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਦੇ ਹੁਕਮਾਂ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਹੁਕਮਾਂ ਨੂੰ ਕੈਪਟਨ ਅਮਰਿੰਦਰ ਸਿੰਘ ਸੁਪਰੀਮ ਕੋਰਟ 'ਚ ਚੁਣੌਤੀ ਦੇ ਕੇ ਰੱਦ ਨਹੀਂ ਕਰਵਾਉਂਦੇ ਤਾਂ ਇਹ ਸਪੱਸ਼ਟ ਹੋ ਜਾਵੇਗਾ ਕਿ ਕੈਪਟਨ ਤੇ ਬਾਦਲ ਆਪਸ 'ਚ ਮਿਲੇ ਹੋਏ ਹਨ।
ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕਿਹਾ ਕਿ ਇਹ ਬਹੁਤ ਗ਼ਲਤ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਇਹ ਫ਼ੈਸਲਾ ਸਿਆਸਤ ਤੋਂ ਪ੍ਰੇਰਿਤ ਹੋ ਕੇ ਲਿਆ ਗਿਆ ਹੈ। ਅਜਿਹਾ ਖ਼ਦਸ਼ਾ ਹੈ ਕਿ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ 'ਚ ਮੰਤਰੀ ਹੈ ਅਤੇ ਉਨ੍ਹਾਂ ਨੇ ਨਰਿੰਦਰ ਮੋਦੀ ਸਰਕਾਰ ਨੂੰ ਕਹਿ ਕੇ ਅਜਿਹਾ ਕਰਵਾਇਆ ਹੈ।
ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਕਾਂਗਰਸ ਦੀ ਪੰਜਾਬ ਸਰਕਾਰ ਸਪੁਰੀਮ ਕੋਰਟ 'ਚ ਇਸ ਬਾਰੇ ਪਟੀਸ਼ਨ ਪਾਵੇ ਕਿ ਚੋਣ ਕਮਿਸ਼ਨ ਵੱਲੋਂ ਕੁੰਵਰ ਪ੍ਰਤਾਪ ਦੇ ਤਬਾਦਲੇ ਦੇ ਹੁਕਮਾਂ ਨੂੰ ਰੋਕਿਆ ਜਾਵੇ। ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਦੁਬਾਰਾ ਤੋਂ ਸ਼ੁਰੂ ਹੋਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਵੇ।
ਉਨ੍ਹਾਂ ਕਿਹਾ ਕਿ ਹੁਣ ਕੈਪਟਨ ਲਈ ਪਰਖ਼ ਦੀ ਘੜੀ ਹੈ। ਜੇ ਉਨ੍ਹਾਂ ਨੇ ਚੋਣ ਕਮਿਸ਼ਨ ਦੇ ਇਸ ਫ਼ੈਸਲੇ ਨੂੰ ਚੁਣੌਤੀ ਨਾ ਦਿੱਤੀ ਤਾਂ ਇਸ ਤੋਂ ਸਾਫ਼ ਹੋ ਜਾਵੇਗਾ ਕਿ ਕੈਪਟਨ ਅਤੇ ਬਾਦਲ ਆਪਸ 'ਚ ਮਿਲੇ ਹੋਏ ਹਨ।