ਚੰਡੀਗੜ੍ਹ : ਦਿੱਲੀ ਵਿਖੇ 26 ਜਨਵਰੀ ਦੇ ਦਿਨ ਵਾਪਰੀ ਘਟਨਾ ਨੂੰ ਲੈ ਕੇ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਦੇ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ ਕੀਤੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਆਗੂਆਂ ਦੇ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ ਕਰਨਾ ਨਿੰਦਣਯੋਗ ਕੰਮ ਹੈ।
ਮੁੱਖ ਮੰਤਰੀ ਨੇ ਕਿਹਾ, ''ਇਹ ਕਿਸਾਨ ਆਗੂ ਕਿੱਥੇ ਭੱਜ ਜਾਣਗੇ?'' ਉਨ੍ਹਾਂ ਕਿਹਾ ਕਿ ਬਹੁਤੇ ਕਿਸਾਨ ਘੱਟ ਜ਼ਮੀਨ ਵਾਲੇ ਛੋਟੀ ਕਿਸਾਨੀ ਨਾਲ ਜੁੜੇ ਹਨ ਨਾ ਕਿ ਵਿਜੇ ਮਾਲਿਆ, ਨੀਰਵ ਮੋਦੀ, ਲਲਿਤ ਮੋਦੀ ਜਾਂ ਮੇਹੁੱਲ ਚੌਕਸੀ ਵਰਗੇ ਵੱਡੇ ਕਾਰਪੋਰੇਟ ਭਗੌੜੇ ਨਹੀਂ ਹਨ ਜੋ ਮੁਲਕ ਛੱਡ ਕੇ ਭੱਜ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਤੁਸੀਂ ਇਨ੍ਹਾਂ ਵੱਡੀਆਂ ਮੱਛੀਆਂ ਨੂੰ ਹੱਥ ਪਾਉਣ ਵਿੱਚ ਤਾਂ ਨਾਕਾਮ ਰਹੇ ਪਰ ਹੁਣ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹੋ।'' ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲੁੱਕਆਊਟ ਨੋਟਿਸ ਵਾਪਸ ਲੈਣ ਲਈ ਤੁਰੰਤ ਦਿੱਲੀ ਪੁਲਿਸ ਨੂੰ ਆਦੇਸ਼ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਨੇ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਵਿੱਚ ਕਿਸਾਨਾਂ ਖਿਲਾਫ ਬਿਨਾਂ ਕੋਈ ਸਬੂਤ ਦੇ ਐਫ.ਆਈ.ਆਰਜ਼ ਵਿੱਚ ਕਿਸਾਨ ਆਗੂਆਂ ਦਾ ਨਾਮ ਸ਼ਾਮਲ ਕਰਨ ਲਈ ਦਿੱਲੀ ਪੁਲਿਸ ਦੇ ਫ਼ੈਸਲੇ ਉੱਤੇ ਸਵਾਲ ਚੁੱਕਿਆ। ਉਨ੍ਹਾਂ ਕਿਹਾ, ''ਇਕ ਵੱਖ ਹੋਏ ਧੜੇ ਜਾਂ ਕੁੱਝ ਸਮਾਜ ਵਿਰੋਧੀ ਅਨਸਰਾਂ ਜਿਨ੍ਹਾਂ ਨੇ ਲਾਲ ਕਿਲੇ ਅਤੇ ਕੌਮੀ ਰਾਜਧਾਨੀ ਦੇ ਹੋਰ ਹਿੱਸਿਆਂ ਵਿੱਚ ਹਿੰਸਾ ਨੂੰ ਉਕਸਾਇਆ ਗਿਆ। ਮੁੱਖ ਮੰਤਰੀ ਨੇ ਆਪਣੀ ਮੰਗ ਨੂੰ ਮੁੜ ਦੁਹਰਾਉਂਦਿਆ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਹਿੰਸਾ ਦੀ ਆੜ ਵਿੱਚ ਕਿਸਾਨ ਨੇਤਾਵਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।