ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਲਿਆਂਦੀ ਸਾਰੀ ਸੰਗਤ, ਜਿਸ ਨੂੰ ਗੰਦੀਆਂ ਸਰਕਾਰੀ ਇਮਾਰਤਾਂ ਅੰਦਰ ਇਕਾਂਤਵਾਸ ਕੀਤਾ ਗਿਆ ਹੈ, ਉਨ੍ਹਾਂ ਨੂੰ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਰਾਵਾਂ ਵਿੱਚ ਤਬਦੀਲ ਕਰ ਦਿੱਤਾ ਜਾਵੇ, ਜਿੱਥੇ ਸਿੱਖ ਜਥੇਬੰਦੀਆਂ ਅਤੇ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ।
ਪੰਜਾਬ ਅਤੇ ਬਾਹਰੋਂ ਕਾਂਗਰਸੀ ਮੰਤਰੀਆਂ ਵੱਲੋਂ ਕੀਤੀ ਜਾ ਰਹੀ ਘਟੀਆ ਰਾਜਨੀਤੀ ਦੀ ਨਿਖੇਧੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਦਿਗਵਿਜੇ ਸਿੰਘ ਜਾਂ ਸਥਾਨਕ ਕਾਂਗਰਸੀ ਆਗੂਆਂ ਵਰਗੇ ਪਿਆਦਿਆਂ ਦੇ ਜ਼ਰੀਏ ਸ਼ਰਧਾਲੂਆਂ ਨੂੰ ਬਦਨਾਮ ਨਹੀਂ ਕਰਨ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸਥਾਨਕ ਕਾਂਗਰਸੀ ਆਗੂ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਸ਼ਰਧਾਲੂਆਂ ਨੂੰ ਬਲੀ ਦੇ ਬੱਕਰੇ ਬਣਾਉੁਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਾਂ ਸੰਗਤ ਦਾ ਅਪਮਾਨ ਨਹੀਂ ਕਰਨ ਦਿਆਂਗੇ।
ਇਹ ਵੀ ਪੜੋ: ਹੰਦਵਾੜਾ 'ਚ ਸ਼ਹੀਦ ਹੋਇਆ ਮਾਨਸਾ ਦਾ ਜਵਾਨ, ਪਰਿਵਾਰ ਲਈ ਸਰਕਾਰੀ ਨੌਕਰੀ ਤੇ 10 ਲੱਖ ਦਾ ਐਲਾਨ
ਇਸ ਦੇ ਨਾਲ ਹੀ ਮਜੀਠੀਆ ਨੇ ਬਲਬੀਰ ਸਿੱਧੂ ਨੂੰ ਨਿਕੰਮਾ ਸਿਹਤ ਮੰਤਰੀ ਕਰਾਰ ਦਿੰਦਿਆ ਕੈਪਟਨ ਤੋਂ ਬਲਬੀਰ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਅਤੇ ਨਾਲ ਹੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੀਤੇ ਚੰਗੇ ਕੰਮ ਦੀ ਪੋਲ ਸਿਹਤ ਕਾਮਿਆਂ ਦੁਆਰਾ ਪਹਿਲਾਂ ਹੀ ਖੋਲ੍ਹੀ ਜਾ ਚੁੱਕੀ ਹੈ।