ਚੰਡੀਗੜ : ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਕਣਕ ਦੀ ਸੁਚੱਜੀ ਖਰੀਦ ਲਈ ਪੰਜਾਬ ਰਾਜ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਵਿੱਚ ਡਿਊਟੀ 'ਤੇ ਤਾਇਨਾਤ ਆਪਣੇ 5600 ਤੋਂ ਵੱਧ ਮੁਲਾਜ਼ਮਾਂ ਨੂੰ 1,50,000 ਮਾਸਕ ਅਤੇ ਸੈਨੇਟਾਈਜ਼ਰ ਦੀਆਂ 15,000 ਬੋਤਲਾਂ ਦੇ ਕੇ ਸੁਰੱਖਿਆ ਉਪਾਆ ਦੀ ਪਾਲਣਾ ਪੱਖੋਂ ਪੁਖ਼ਤਾ ਬੰਦੋਬਸਤ ਕੀਤੇ ਹੋਏ ਹਨ।
ਮੰਡੀ ਬੋਰਡ ਦੇ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਦੱਸਿਆ ਕਿ ਮੰਡੀਆਂ ਵਿੱਚ ਸਿਹਤ ਸੁਰੱਖਿਆਵਾਂ ਨਾਲ ਜੁੜੇ ਉਪਾਵਾਂ ਦੀ ਪਾਲਣਾ ਨੂੰ ਪੂਰਨ ਤੌਰ 'ਤੇ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਇਨ੍ਹਾਂ ਮੁਲਾਜ਼ਮਾਂ ਵੱਲੋਂ ਮੰਡੀਆਂ ਵਿੱਚ ਕਣਕ ਦੀ ਆਮਦ ਮੌਕੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਬੰਧਤ ਲੋਕਾਂ ਦਰਮਿਆਨ ਸਮਾਜਿਕ ਦੂਰੀ ਕਾਇਮ ਰੱਖਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ।
ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਕਣਕ ਦੀ ਖਰੀਦ/ਵੇਚ ਵਿੱਚ ਸਭ ਤੋਂ ਅਹਿਮ ਜ਼ਿੰਮੇਵਾਰੀ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਵੱਲੋਂ ਨਿਭਾਈ ਜਾ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਲਈ ਕੂਪਨ ਜਾਰੀ ਕਰਨ ਦਾ ਵੱਡਾ ਕਾਰਜ ਵੀ ਮੰਡੀ ਬੋਰਡ ਨਿਭਾਅ ਰਿਹਾ ਹੈ ਅਤੇ ਕਣਕ ਦੇ ਸੀਜ਼ਨ ਦੌਰਾਨ ਮਾਰਕੀਟ ਕਮੇਟੀਆਂ ਵੱਲੋਂ ਆੜ੍ਹਤੀਆਂ ਰਾਹੀਂ ਲਗਭਗ 27 ਲੱਖ ਕੂਪਨ ਜਾਰੀ ਕੀਤੇ ਜਾਣੇ ਹਨ।