ਚੰਡੀਗੜ੍ਹ: ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ 230 ਨੌਜਵਾਨਾਂ ਨੂੰ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਚੁਣਿਆ ਗਿਆ ਹੈ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਪਹਿਲੇ ਫੇਜ਼ ਵਿੱਚ 10 ਰੋਜ਼ਾ ਕੈਂਪ ਲਈ 115 ਨੌਜਵਾਨਾਂ ਨੂੰ ਰਵਾਨਾ ਕੀਤਾ ਗਿਆ।
ਯੁਵਾ ਨੀਤੀ ਛੇਤੀ ਤਹਿਤ ਨੌਜਵਾਨਾਂ ਨੂੰ ਮੌਕੇ: ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਛੇਤੀ ਬਣ ਰਹੀ ਹੈ ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਯੁਵਕਾਂ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਹੋਰ ਵਧਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸ਼ੁਰੂ ਕੀਤੇ ਗਏ। ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਯੂਥ ਕਲੱਬਾਂ ਦੀ ਭੂਮਿਕਾ ਸਰਗਰਮ ਕਰਨ ਲਈ ਐਵਾਰਡ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵਸੋਂ ਵਿੱਚ ਨੌਜਵਾਨਾਂ ਦਾ ਵੱਡਾ ਹਿੱਸਾ ਹੋਣ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਸਰਕਾਰ ਵੱਲੋਂ ਮਹਿਜ਼ ਡੇਢ ਸਾਲ ਦੌਰਾਨ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।
ਸਮਾਜਿਕ ਅਲਾਮਤਾਂ ਖਿਲਾਫ ਲੋਕਾਂ ਨੂੰ ਜਾਗਰੂਕ: ਯੁਵਕ ਸੇਵਾਵਾਂ ਮੰਤਰੀ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਸਾਹਸੀ, ਸਿਹਤਮੰਦ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੀ ਸਖ਼ਸ਼ੀਅਤ ਨਿੱਖਰ ਕੇ ਸਾਹਮਣੇ ਆਉਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸਮਾਜਿਕ ਅਲਾਮਤਾਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਅਤੇ ਪਰਾਲੀ ਸਾੜਨ ਨਾਲ ਪਲੀਤ ਹੁੰਦੇ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ।
ਹਰ ਜ਼ਿਲ੍ਹੇ ਵਿੱਚ 10 ਨੌਜਵਾਨਾਂ ਦੀ ਚੁਣੇ: ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿੱਚ 10-10 ਨੌਜਵਾਨ ਚੁਣੇ ਗਏ ਹਨ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨਰਿੰਗ ਐਂਡ ਅਲਾਇੰਡ ਸਪੋਰਟਸ ਮਨਾਲੀ ਭੇਜਿਆ ਜਾ ਰਿਹਾ ਹੈ। ਅੱਜ ਰਵਾਨਾ ਹੋਏ 115 ਨੌਜਵਾਨ 12 ਅਕਤੂਬਰ ਤੋਂ 21 ਅਕਤੂਬਰ ਤੱਕ ਅਤੇ ਦੂਜੇ ਗਰੁੱਪ ਵਿੱਚ 115 ਨੌਜਵਾਨ 30 ਅਕਤੂਬਰ ਤੋਂ 8 ਨਵੰਬਰ ਤੱਕ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਗਾਉਣਗੇ।
- Chairman Punjab State Food Commission: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਹੋਏ ਸੇਵਾਮੁਕਤ
- Harjot Bains visit Govt School Masoul: ਸਿੱਖਿਆ ਮੰਤਰੀ ਬੈਂਸ ਦਾ ਵਿਰੋਧੀਆਂ 'ਤੇ ਨਿਸ਼ਾਨਾ, ਕਿਹਾ-ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ
- Asian Medalist Manju Rani: Asian Medalist Manju Rani: ਜ਼ਮੀਨ ਗਹਿਣੇ ਰੱਖ ਪਿਓ ਨੇ ਲਾਡਲੀ ਧੀ ਮੰਜੂ ਰਾਣੀ ਨੂੰ ਏਸ਼ੀਆ ਖੇਡਣ ਭੇਜਿਆ, ਧੀ ਨੇ ਮੈਡਲ ਜਿੱਤ ਕੇ ਵਧਾਇਆ ਮਾਣ, ਮਾਨਸਾ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
ਚੇਅਰਮੈਨ ਵਲੋਂ ਮੁੱਖ ਮੰਤਰੀ ਦਾ ਧੰਨਵਾਦ: ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਖੇਡ ਮੰਤਰੀ ਮੀਤ ਹੇਅਰ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਅਤੇ ਜ਼ਿਲ੍ਹਿਆ ਦੇ ਸਹਾਇਕ ਡਾਇਰੈਕਟਰ ਹਾਜ਼ਰ ਸਨ।