ਚੰਡੀਗੜ੍ਹ: ਕਪੂਰਥਲਾ ਦੀ ਜੇਲ੍ਹ ਵਿੱਚ ਨਜ਼ਰਬੰਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਬੈਰਕ ਵਿੱਚੋਂ ਮੋਬਾਈਲ ਫ਼ੋਨ ਮਿਲਿਆ ਹੈ। ਇਹ ਫ਼ੋਨ ਐਸਐਸਓਸੀ ਅੰਮ੍ਰਿਤਸਰ ਵਿੰਗ ਦੀ ਟੀਮ ਨੇ ਬਰਾਮਦ ਕੀਤਾ ਹੈ। ਇਸ ਤੋਂ ਬਾਅਦ ਪੁਲਿਸ ਨੇ ਮੁੜ ਤੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਪਾ ਦਿੱਤੀ ਹੈ।
ਜਾਣਕਾਰੀ ਮੁਤਾਬਕ ਬੀਤੀ 20 ਅਕਤੂਬਰ ਨੂੰ ਦਾਦੂਵਾਲ ਸਣੇ ਉਨ੍ਹਾਂ ਦੇ ਚਾਰ ਸਾਥੀਆਂ ਦੀ ਬੈਰਕ ਵਿੱਚੋਂ ਪੁਲਿਸ ਨੂੰ ਇੱਕ ਮੋਬਾਈਲ ਫੋਨ ਬਰਾਮਦ ਹੋਇਆ। ਇਸ ਸਬੰਧੀ ਬਕਾਇਦਾ ਦਾਦੂਵਾਲ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਕਪੂਰਥਲਾ ਦੇ ਕੋਤਵਾਲੀ ਥਾਣੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਦਾਦੂਵਾਲ ਨੂੰ ਐਸਐਸਓਸੀ ਦੀ ਟੀਮ ਨੇ ਕਪੂਰਥਲਾ ਦੀ ਜੇਲ੍ਹ ਤੋਂ ਦਾਦੂਵਾਲ ਨੂੰ ਪ੍ਰੋਡਕਸ਼ਨ ਵਰੰਟ 'ਤੇ ਲੈ ਕੇ ਉਨ੍ਹਾਂ ਦੀ ਮੋਬਾਇਲ ਬਰਾਮਦਗੀ ਦੇ ਮਾਮਲੇ ਦੀ ਗ੍ਰਿਫਤਾਰੀ ਪਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਬਠਿੰਡਾ ਦੇ ਸਿਵਲ ਲਾਈਨ ਕਲੱਬ ਵਿੱਚ ਗੁਰੂ ਨਾਨਕ ਲਾਇਬ੍ਰੇਰੀ ਵਿੱਚ ਕੁਝ ਵਿਅਕਤੀ ਕਬਜ਼ਾ ਕਰਨਾ ਚਾਹੁੰਦੇ ਹਨ। ਇਹ ਦੋਸ਼ ਬਲਜੀਤ ਸਿੰਘ ਦਾਦੂਵਾਲ ਨੇ ਬਕਾਇਦਾ ਇੱਕ ਪ੍ਰੈਸ ਕਾਨਫ਼ਰੰਸ ਕਰਕੇ ਲਗਾਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ 20 ਤਰੀਕ ਨੂੰ ਉਹ ਇਸ ਜਗ੍ਹਾ ਉੱਤੇ ਧਾਰਮਿਕ ਸਮਾਗਮ ਕਰਨਗੇ, ਜੇ ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਂ ਫਿਰ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਤਰੀਕੇ ਨਾਲ਼ ਉਨ੍ਹਾਂ ਨੂੰ ਰੋਕਿਆ ਗਿਆ, ਤਾਂ ਉਸ ਦੀ ਜ਼ਿੰਮੇਵਾਰੀ ਬਠਿੰਡਾ ਪੁਲਿਸ ਦੀ ਹੋਵੇਗੀ ਜਿਸ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੂੰ ਬਠਿੰਡਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ।