ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਲਈ ਪਿੜ ਬੰਨਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਡਿਜ਼ਾਈਨ ਕੀਤੇ ਲਾਈਟ ਐਂਡ ਸਾਊਂਡ ਸ਼ੋਅ-ਕਮ-ਡਿਜ਼ੀਟਲ ਮਿਊਜ਼ੀਅਮ ਦਾ ਦੇਰ ਸ਼ਾਮ ਉਦਘਾਟਨ ਕੀਤਾ ਗਿਆ।
ਇਸ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੂਪਮਾਨ ਕੀਤਾ ਗਿਆ ਹੈ। ਸੂਬੇ ਦੀਆਂ ਵੱਖ ਵੱਖ ਥਾਵਾਂ 'ਤੇ ਚਾਰ ਮਹੀਨਿਆਂ ਤੱਕ ਚੱਲਣ ਬਾਰੇ ਇਸ ਲਾਈਟ ਐਂਡ ਸਾਊਂਡ ਸ਼ੋਅ-ਕਮ-ਡਿਜੀਟਲ ਮਿਊਜ਼ੀਅਮ ਦੌਰਾਨ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ।
ਇਸ ਦੌਰਾਨ ਚੰਡੀਗੜ੍ਹ ਸਮੇਤ ਬਟਾਲਾ, ਡੇਰਾ ਬਾਬਾ ਨਾਨਕ, ਸੁਲਤਾਨਪੁਰ ਲੋਧੀ ਵਰਗੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਸ਼ਹਿਰਾਂ ਸਮੇਤ ਸਾਰੇ ਜ਼ਿਲਾ ਹੈੱਡਕੁਆਰਟਰਾਂ ਦੇ ਨਾਲ-ਨਾਲ 26 ਥਾਵਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਇਹ ਸ਼ੋਅ ਕਰਵਾਏ ਜਾਣਗੇ।
ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਇਸ ਡਿਜੀਟਲ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਦੋਵਾਂ ਮੰਤਰੀਆਂ ਨੇ ਕਿਹਾ ਕਿ ਮੌਜੂਦਾ ਧਰੂਵੀਕਰਨ ਦੇ ਮਾਹੌਲ ਵਿੱਚ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਢੁਕਵਾਂ ਯਤਨ ਹੈ। ਬਹੁਤ ਹੀ ਬਾਰੀਕਬੀਨੀ ਨਾਲ ਡਿਜ਼ਾਈਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰ ਗਿਆ।
ਉਨਾਂ ਦੱਸਿਆ ਕਿ ਪੰਜਾਬ ਭਰ ਵਿੱਚ ਤਕਰੀਬਨ 10 ਥਾਵਾਂ 'ਤੇ ਸਤਲੁਜ ਤੇ ਬਿਆਸ ਦਰਿਆ ਦੇ ਕਿਨਾਰਿਆਂ ਉਤੇ ਫਲੋਟਿੰਗ ਸ਼ੋਅ ਕਰਵਾਏ ਜਾਣਗੇ। ਚੰਨੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖ਼ਿਲਾਫ਼ ਹਮੇਸ਼ਾ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ। ਉਨਾਂ ਸਾਰੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਇਨਾਂ ਧਾਰਮਿਕ ਸਮਾਗਮਾਂ ਨੂੰ ਮਨਾਉਣ।
ਬਲਬੀਰ ਸਿੰਘ ਸਿੱਧੂ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਭਰ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਨਿੱਜੀ ਤੌਰ ਉਤੇ ਨਜ਼ਰਸਾਨੀ ਕਰ ਰਹੇ ਹਨ। ਉਨਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ, ਕਿ ਸਾਨੂੰ ਆਪਣੇ ਜੀਵਨ ਦੌਰਾਨ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।