ਚੰਡੀਗੜ੍ਹ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਵਿੱਚ ਵਿਸ਼ੇਸ਼ ਇਜਲਾਸ ਕਰਵਾਇਆ ਜਾ ਰਿਹਾ ਹੈ। ਪਰ ਇਸ ਇਜਲਾਸ ਵਿੱਚ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਗੈਰ ਹਾਜ਼ਰ ਰਹੇ।
ਇਸ ਵਿਸ਼ੇਸ਼ ਇਜਲਾਸ ਵਿੱਚ ਹਰਿਆਣਾ ਦੇ ਵਿਧਾਇਕਾ ਸਮੇਤ, ਅਕਾਲੀ, ਕਾਂਗਰਸੀ ਅਤੇ ਕਈ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ। ਪਰ ਪੰਜਾਬ ਦੀ ਸਿਆਸਤ ਤੋਂ ਅਪਣੇ ਆਪ ਨੂੰ ਦੂਰ ਕਰਨ ਵਾਲੇ ਸਿੱਧੂ ਨੇ ਅਪਣੇ ਆਪ ਨੂੰ ਇਸ ਵਿਧਾਨ ਸਭਾ ਇਜਲਾਸ ਤੋਂ ਵੀ ਦੂਰ ਰੱਖਿਆ।
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਲਈ ਜਾਣ ਵਾਸਤੇ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਨਜ਼ਰ ਅੰਦਾਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਆਉਣ ਦਾ ਸੱਦਾ ਭੇਜਿਆ ਗਿਆ ਸੀ। ਜਿਸ ਨੂੰ ਸਿੱਧੂ ਨੇ ਸਵੀਕਾਰ ਕਰ ਲਿਆ ਸੀ ਪਰ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਸਿੱਧੂ ਵੱਲੋਂ ਦੋ ਵਾਰ ਵਿਦੇਸ਼ ਮੰਤਰਾਲਾ ਅਤੇ ਪੰਜਾਬ ਸਰਕਾਰ ਨੂੰ ਚਿੱਠੀ ਲਿੱਖੀ ਜਾ ਚੁੱਕੀ ਹੈ।
ਉੱਥੇ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਦੇਸ਼ ਦੀ ਜਨਤਾਂ ਕਰਤਾਰਪੁਰ ਲਾਂਘੇ ਦੇ ਖੁੱਲਣ ਦਾ ਪੂਰਾ ਕ੍ਰੈਡਿਟ ਨਵਜੋਤ ਸਿੰਘ ਸਿੱਧੂ ਨੂੰ ਦੇ ਰਹੀ ਹੈ। ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵਲੋਂ ਅੰਮ੍ਰਿਤਸਰ ਦੇ ਵੱਖ-ਵੱਖ ਥਾਵਾਂ 'ਤੇ ਸਿੱਧੂ ਅਤੇ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਪੋਸਟਰ ਲਗਾਏ ਗਏ ਸਨ, ਜਿਨ੍ਹਾਂ ਵਿੱਚ ਸਿੱਧੂ ਅਤੇ ਇਮਰਾਨ ਖ਼ਾਨ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੁਲਵਾਉਣ ਦਾ ਅਸਲੀ ਹੀਰੋ ਦੱਸਿਆ ਗਿਆ ਹੈ।