ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਜ਼ੈੱਡ+ ਤੋਂ ਘਟਾ ਕੇ ਵਾਈ+ ਕਰ ਦਿੱਤੀ ਗਈ। ਇਸ ਵਿਰੁੱਧ ਨਵਜੋਤ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ, ਜਿਸ ਦੀ ਸੁਣਵਾਈ ਅੱਜ ਹਈਕੋਰਟ ਵਿੱਚ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਇਸ ਸਬੰਧੀ ਜਵਾਬ ਦੇਣ ਲਈ ਸਰਕਾਰ ਨੇ ਅਦਾਲਤ ਕੋਲੋਂ ਸਮਾਂ ਮੰਗਿਆ ਹੈ। ਸਰਕਾਰੀ ਪੱਖ ਨੇ ਕਿਹਾ ਕਿ ਜੇਕਰ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਲੋੜ ਪਈ ਤਾਂ ਇਸ ਨੂੰ ਹੋਰ ਵਧਾ ਦਿੱਤਾ ਜਾਵੇਗਾ। ਮਾਮਲੇ ਦੀ ਅਗਲੀ ਸੁਣਵਾਈ 12 ਮਈ ਨੂੰ ਹੋਵੇਗੀ ਜਿਸ ਵਿੱਚ ਸਰਕਾਰ ਸਮੀਖਿਆ ਦੀ ਰਿਪੋਰਟ ਰੱਖ ਸਕਦੀ ਹੈ।
ਜਾਨ ਨੂੰ ਖਤਰਾ ਹੋਣ ਦਾ ਦਿੱਤਾ ਹਵਾਲਾ : ਆਪਣੀ ਪਟੀਸ਼ਨ 'ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਆਪਣੀ ਪਟੀਸ਼ਨ 'ਚ ਸਿੱਧੂ ਨੇ ਸਪੱਸ਼ਟ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੂਜੇ ਪਾਸੇ ਜੇਲ੍ਹ ਤੋਂ ਬਾਹਰ ਨਿਕਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਗੈਂਗਸਟਰ ਲਾਰੈਂਸ ਉਨ੍ਹਾਂ ਨੂੰ ਸ਼ਰੇਆਮ ਧਮਕੀਆਂ ਦੇ ਰਿਹਾ ਹੈ। ਅਜਿਹੇ 'ਚ ਪੰਜਾਬ ਸਰਕਾਰ ਉਨ੍ਹਾਂ ਦੀ ਸੁਰੱਖਿਆ ਘਟਾ ਕੇ ਇਕ ਹੋਰ ਸਿੱਧੂ ਦਾ ਕਤਲ ਕਰਵਾਉਣਾ ਚਾਹੁੰਦੀ ਹੈ।
25 ਜਵਾਨਾਂ ਵਿਚੋਂ ਸਿਰਫ 13 ਬਾਕੀ : ਰੋਡ ਰੇਜ ਕੇਸ ਵਿੱਚ ਜੇਲ੍ਹ ਜਾਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਕੋਲ 25 ਕਮਾਂਡੋਜ਼ ਦਾ ਕਾਫਲਾ ਸੀ। ਇੰਨਾ ਹੀ ਨਹੀਂ ਲੁਧਿਆਣਾ ਜੇਲ੍ਹ 'ਚੋਂ ਇਕ ਮਾਮਲੇ ਦੀ ਸੁਣਵਾਈ ਦੌਰਾਨ ਵੀ ਨਵਜੋਤ ਸਿੰਘ ਸਿੱਧੂ ਨੇ ਬਿਨਾਂ ਸੁਰੱਖਿਆ ਦੇ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਜਦੋਂ ਜੇਲ੍ਹ ਤੋਂ ਬਾਹਰ ਆਏ ਤਾਂ ਉਨ੍ਹਾਂ ਦੀ ਸੁਰੱਖਿਆ 25 ਤੋਂ ਘਟਾ ਕੇ 13 ਕਰ ਦਿੱਤੀ ਗਈ।
ਘਰ ਦੀ ਛੱਤ 'ਤੇ ਨਜ਼ਰ ਆਇਆ ਸ਼ੱਕੀ ਵਿਅਕਤੀ : ਜੇਲ੍ਹ ਤੋਂ ਬਾਹਰ ਆਉਣ ਤੋਂ ਕੁਝ ਦਿਨ ਬਾਅਦ ਹੀ ਸ਼ਾਲ ਪਹਿਨ ਕੇ ਪਟਿਆਲਾ ਸਥਿਤ ਆਪਣੇ ਘਰ ਦੀ ਛੱਤ 'ਤੇ ਇਕ ਸ਼ੱਕੀ ਵਿਅਕਤੀ ਨਵਜੋਤ ਸਿੱਧੂ ਦੇ ਨੌਕਰ ਵੱਲੋਂ ਦੇਖਿਆ ਗਿਆ ਸੀ। ਇਸ ਮਾਮਲੇ 'ਚ ਸਿੱਧੂ ਦੇ ਨੌਕਰ ਦੇ ਬਿਆਨਾਂ 'ਤੇ ਪਟਿਆਲਾ ਪੁਲਿਸ ਨੇ ਵੀ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਅਤੇ ਅਜਿਹੇ 'ਚ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਘਟਾਈ ਗਈ ਹੈ।
ਇਹ ਵੀ ਪੜ੍ਹੋ : ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਐਸਜੀਪੀਸੀ ਪ੍ਰਧਾਨ ਨੂੰ ਨਸੀਹਤ, ਕਿਹਾ- "ਮੰਗ ਕਰਨੀ ਹੈ, ਤਾਂ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰੋ"
ਰੋਡ ਰੇਜ ਮਾਮਲੇ 'ਚ ਜੇਲ੍ਹ 'ਚੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਕੇਂਦਰ ਅਤੇ ਸੂਬਾ ਸਰਕਾਰ ਨੇ ਘਟਾ ਦਿੱਤੀ ਹੈ। ਜੇਲ੍ਹ ਤੋਂ ਬਾਹਰ ਆਉਂਦੇ ਹੀ ਸਿੱਧੂ ਦੀ ਸੁਰੱਖਿਆ Z+ ਤੋਂ ਘਟਾ ਕੇ Y+ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਸੂਬਾ ਅਤੇ ਕੇਂਦਰ ਸਰਕਾਰ 'ਤੇ ਵੀ ਆਪਣਾ ਗੁੱਸਾ ਕੱਢਿਆ ਹੈ।