ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੀਆਂ ਕੋਸ਼ਿਸ਼ਾਂ ਤਹਿਤ ਅੱਜ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਸਾੜੇ ਜਾਣ ਵਾਲੇ ਸੰਭਾਵਤ ਖੇਤਰਾਂ 'ਚ ਅਜਿਹੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਪਿਛਲੇ ਦਿਨ੍ਹਾਂ ਦੌਰਾਨ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਆਏ ਸਕੱਤਰ ਇੰਚਾਰਜਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਅਤੇ ਮੁਕਾਮੀ ਪੱਧਰ ਦੀ ਸਥਿਤੀ ਅਨੁਸਾਰ ਸੁਝਾਅ ਲੈਂਦਿਆਂ ਮੁੱਖ ਸਕੱਤਰ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਨੰਬਰਦਾਰਾਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਹਦਾਇਤ ਵੀ ਦਿੱਤੀ ਹੈ।Numberedar will make the farmers aware not to burn.

ਉਨ੍ਹਾਂ ਕਿਹਾ ਕਿ ਨੰਬਰਦਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਜਿਨ੍ਹਾਂ ਪਿੰਡਾਂ ਵਿੱਚ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਉਥੋਂ ਦੇ ਨੰਬਰਦਾਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਇਥੇ ਪਰਾਲੀ ਪ੍ਰਬੰਧਨ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਅਗਲੇ ਦਿਨਾਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਆਦਾ ਤਵੱਜੋ ਦਿੱਤੀ ਜਾਵੇ ਅਤੇ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਕੰਟਰੋਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਹਾਟ-ਸਪਾਟਸ 'ਤੇ ਜ਼ਿਆਦਾ ਫ਼ੋਕਸ ਕੀਤਾ ਜਾਵੇ ਅਤੇ ਜਿਨ੍ਹਾਂ ਪਿੰਡਾਂ ਵਿਚ ਪਿਛਲੇ ਸਾਲਾਂ ਦੌਰਾਨ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ, ਉੱਥੇ ਪ੍ਰਸ਼ਾਸ਼ਨ ਜ਼ਿਆਦਾ ਚੌਕਸੀ ਵਰਤੇ। ਇਸ ਦੇ ਨਾਲ ਹੀ ਪਰਾਲੀ ਨੂੰ ਅੱਗ ਲਾਉਣ ਵਾਲੀਆਂ ਥਾਵਾਂ ਦੀ ਨਿੱਜੀ ਅਤੇ ਸੈਟੇਲਾਈਟ ਵੈਰੀਫ਼ਿਕੇਸ਼ਨ ਜ਼ਿਆਦਾ ਪੁਖ਼ਤਗੀ ਨਾਲ ਕੀਤੀ ਜਾਵੇ। ਉਨ੍ਹਾਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਨਿੱਜੀ ਅਤੇ ਸੈਟੇਲਾਈਟ ਵੈਰੀਫ਼ਿਕੇਸ਼ਨ ਵਿਧੀ ਰਾਹੀਂ ਗਿਣਤੀ 'ਚ ਵਖਰੇਵੇਂ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਧਿਕਾਰੀ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਆਪਟੀਕਲ ਸੈਟੇਲਾਈਟ ਡਾਟਾ ਵਿਸ਼ਲੇਸ਼ਣ ਜ਼ਰੀਏ ਹਾਸਲ ਖੇਤਰ `ਤੇ ਧਿਆਨ ਕੇਂਦਰਿਤ ਕਰਨ।
ਇਸੇ ਤਹਿਤ ਜ਼ਿਲ੍ਹਿਆਂ ਦਾ ਦੌਰਾ ਕਰਕੇ ਆਏ ਸਕੱਤਰ ਇੰਚਾਰਜਾਂ ਨੇ ਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਗਿਰਾਵਟ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 27 ਅਕਤੂਬਰ 2021 ਤੱਕ ਪਰਾਲੀ ਸਾੜਨ ਵਾਲਾ ਰਕਬਾ 400.35 ਹਜ਼ਾਰ ਹੈਕਟੇਅਰ ਸੀ, ਜੋ 26 ਅਕਤੂਬਰ 2022 ਤੱਕ ਘਟ ਕੇ 295.60 ਹਜ਼ਾਰ ਹੈਕਟੇਅਰ ਰਹਿ ਗਿਆ ਹੈ। ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਠੇਕੇ 'ਤੇ ਦਿੱਤੀਆਂ ਸਰਕਾਰੀ ਜ਼ਮੀਨਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਇਸੇ ਦੌਰਾਨ ਉਹਨਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਲਈ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਵਰਤੋਂ ਵਿੱਚ ਲਿਆਉਣ ਦੇ ਆਦੇਸ਼ ਵੀ ਦਿੱਤੇ। ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਜਿਹੀ ਪਹਿਲ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਵੀ ਪਰਾਲੀ ਨੂੰ ਅੱਗ ਲਾਉਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜ ਕੇ ਅੱਗ ਨੂੰ ਬੁਝਾਇਆ ਜਾਵੇ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਪਰਾਲੀ ਨੂੰ ਖੇਤਾਂ ਵਿੱਚ ਰਲਾਉਣ ਅਤੇ ਖੇਤਾਂ ਤੋਂ ਬਾਹਰ ਪ੍ਰਬੰਧਾਂ ਸਬੰਧੀ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਪਿੰਡਾਂ ਦੇ ਕਲੱਸਟਰ ਪੱਧਰ 'ਤੇ ਪਰਾਲੀ ਦੀਆਂ ਗੰਢਾਂ ਦੇ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਖੋਜਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਦੇ ਤੁਰੰਤ ਪ੍ਰਬੰਧਨ ਵਿੱਚ ਸਹਾਇਤਾ ਮਿਲੇਗੀ।
ਦੱਸ ਦੇਈਏ ਕਿ ਮੁੱਖ ਸਕੱਤਰ ਵੱਲੋਂ ਪਿਛਲੇ ਦਿਨੀਂ 23 ਸੀਨੀਅਰ ਆਈ.ਏ.ਐਸ. ਅਫਸਰਾਂ ਨੂੰ ਸਮੂਹ 23 ਜ਼ਿਲ੍ਹਿਆਂ ਦਾ ਸਕੱਤਰ ਇੰਚਾਰਜ ਲਾਇਆ ਗਿਆ ਸੀ, ਜੋ ਹਰ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਲੋੜ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦੇ ਰਹੇ ਹਨ। ਇਸ ਤੋਂ ਇਲਾਵਾ ਮੁੱਖ ਸਕੱਤਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਨੂੰ ਠੱਲ੍ਹਣ ਲਈ ਹਰ ਹਫ਼ਤੇ ਡੂੰਘਾਈ ਨਾਲ ਸਮੀਖਿਆ ਕੀਤੀ ਜਾ ਰਹੀ ਹੈ।ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਬਹੁਤ ਜ਼ਿਆਦਾ ਕਮੀ ਲਿਆਂਦੀ ਜਾਵੇ। ਉਨ੍ਹਾਂ ਦੁਹਰਾਇਆ ਕਿ ਜਿਹੜੇ ਕਿਸਾਨ ਪਰਾਲੀ ਨਹੀਂ ਸਾੜਦੇ, ਡਿਪਟੀ ਕਮਿਸ਼ਨਰ ਅਜਿਹੇ ਕਿਸਾਨਾਂ ਦਾ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਸਨਮਾਨ ਕਰਨਾ ਯਕੀਨੀ ਬਣਾਉਣ ਤਾਂ ਜੋ ਹੋਰ ਕਿਸਾਨ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਸਕਣ।
ਇਹ ਵੀ ਪੜ੍ਹੋ: CM ਮਾਨ ਨੇ ਕੀਤਾ ਅਨਾਜ ਮੰਡੀ ਦਾ ਦੌਰਾ, ਕਿਹਾ ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਈ ਕੋਈ ਸਮੱਸਿਆ