ਚੰਡੀਗੜ੍ਹ:ਪੰਜਾਬ ਵਿਚ ਭਲਕੇ 10 ਜੂਨ ਤੋਂ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਸੂਬਾ ਸਰਕਾਰ ਵੱਲੋਂ ਖੇਤੀ ਟਿਊਬਵੈਲਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਲਈ ਲੋੜੀਂਦੇ ਇੰਤਜਾਮ ਕੀਤੇ ਜਾ ਚੁੱਕੇ ਹਨ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਵਿਚ ਇਸ ਸਾਲ ਕੁੱਲ 30.20 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਆਵੇਗਾ ਜਿਸ ਵਿੱਚੋਂ 5.35 ਲੱਖ ਹੈਕਟੇਅਰ ਰਕਬਾ ਬਾਸਮਤੀ ਹੇਠ ਜਦਕਿ ਬਾਕੀ ਰਕਬਾ ਗੈਰ-ਬਾਸਮਤੀ ਝੋਨੇ ਹੇਠ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਕੁੱਲ ਰਕਬੇ ਵਿਚ 10 ਲੱਖ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਦੀ ਬਿਜਾਈ ਪਹਿਲਾਂ ਹੀ ਚੱਲ ਰਹੀ ਹੈ ਜਿਸ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।
ਇਹ ਵੀ ਪੜੋ:ਕੇਂਦਰ ਵੱਲੋਂ 2021-22 ਲਈ ਸਾਉਣੀ ਦੀਆਂ ਫਸਲਾਂ ਲਈ MSP ਨੂੰ ਮਨਜ਼ੂਰੀ
ਉਨ੍ਹਾਂ ਦੱਸਿਆ ਕਿ ਝੋਨੇ ਦੀ ਲਵਾਈ ਤੋਂ ਬਾਅਦ ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਦੀ ਲੋੜ ਪੈਂਦੀ ਹੈ ਜਿਸ ਲਈ ਖੇਤੀਬਾੜੀ ਵਿਭਾਗ ਨੇ ਇਸ ਦੇ ਪੁਖਤਾ ਇੰਤਜਾਮ ਕੀਤੇ ਹੋਏ ਹਨ ਡਾਇਰੈਕਟਰ ਨੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਕੋਵਿਡ ਦੀ ਮਹਾਮਾਰੀ ਦੇ ਸਮੇਂ ਵਿਚ ਸਿਹਤ ਸੁਰੱਖਿਆ ਨਾਲ ਜੁੜੇ ਸਾਰੇ ਇਹਤਿਆਤ ਵਰਤਣ ਦੀ ਅਪੀਲ ਕੀਤੀ ਹੈ।