ਚੰਡੀਗੜ੍ਹ: ਵਿਸ਼ਵ ਦਿਵਯਾਂਗ ਦਿਹਾੜੇ ਮੌਕੇ ਪੈਰਾਲੰਪਿਕ ਖਿਡਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਲੰਮੇ ਸਮੇਂ ਲਈ ਧਰਨੇ 'ਤੇ ਬੈਠ ਗਏ ਹਨ। ਇਸ ਬਾਰੇ ਖਿਡਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਧਰਨਾ ਜਾਰੀ ਰਖਣਗੇ।
ਇਸ ਸਬੰਧੀ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਪੈਰਾਲੰਪਿਕ ਖਿਡਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਸ ਨੇ ਪਿਛਲੇ 12 ਸਾਲਾਂ 'ਚ 20 ਤੋਂ ਵੱਧ ਮੈਡਲ ਜਿੱਤੇ ਹਨ ਤੇ ਦੇਸ਼-ਵਿਦੇਸ਼ ਵਿੱਚ ਭਾਰਤ ਤੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਤੋਂ ਬਾਅਦ ਉਸ ਨੂੰ ਜੁਲਾਈ ਵਿੱਚ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਵੀ ਨਵਾਜ਼ਿਆ ਗਿਆ ਹੈ, ਜਿੱਥੇ ਸਰਕਾਰ ਵੱਲੋਂ ਉਸ ਨੂੰ ਇਨਾਮੀ ਰਾਸ਼ੀ 'ਤੇ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਹੁਣ ਤੱਕ ਉਸ ਨੂੰ ਕੋਈ ਨੌਕਰੀ ਨਹੀਂ ਮਿਲੀ ਹੈ। ਇਸ ਦੇ ਚਲਦੇ ਸੰਜੀਵ ਕੁਮਾਰ ਮੁੜ ਧਰਨਾ ਦੇਣ ਲਈ ਮਜਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਾਮੀਂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਸਰਕਾਰ ਨਾਲ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਸੰਜੀਵ ਕੁਮਾਰ ਨੇ ਕਿਹਾ ਕਿ ਜਿੱਥੇ ਖਿਡਾਰੀ ਫਰਜ਼ੀ ਡਿਗਰੀਆਂ ਦੇ ਕੇ ਡੀਐੱਸਪੀ ਲੱਗ ਸਕਦੇ ਹਨ ਉੱਥੇ ਉਨ੍ਹਾਂ ਦੀ ਅਸਲੀ ਡਿਗਰੀਆਂ ਤੇ ਮੈਡਲ ਦੇ ਕੇ ਸਰਕਾਰ ਨੌਕਰੀ ਜਾਰੀ ਕਿਉਂ ਨਹੀਂ ਕਰ ਸਕਦੀ। ਸੰਜੀਵ ਕੁਮਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰਖਣਗੇ।