ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਅੱਜ ਚੰਡੀਗੜ੍ਹ ਪਹੁੰਚੇ। ਪਰਕਾਸ਼ ਸਿੰਘ ਬਾਦਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਤੋਂ ਜਬਰਦਸਤੀ ਚੁੱਕ ਕੇ ਤੇ ਕੁੱਟ ਮਾਰ ਕਰਕੇ ਥਾਣੇ ਵਿੱਚ ਬੰਦ ਕੀਤੇ ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਦਿਲਾਸਾ ਦੇਣ ਲਈ ਸੈਕਟਰ 3 ਦੇ ਪੁਲਿਸ ਸਟੇਸ਼ਨ ਪੁੱਜੇ। ਇਸ ਘਿਨੌਣੀ ਕਾਰਵਾਈ ਉੱਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਇਸ ਨੂੰ 'ਲੋਕਤੰਤਰ ਦਾ ਕਤਲ' ਕਰਾਰ ਦਿੰਦਿਆ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਅਜਿਹੀ ਘਟਨਾ ਕਦੇ ਵੀ ਨਹੀਂ ਵਾਪਰੀ।
ਉੱਥੇ ਹੀ, ਸਾਬਕਾ ਮੁੱਖ ਮੰਤਰੀ ਨੇ ਪੇਸ਼ ਹੋਏ ਬਜਟ ਨੂੰ ਵੀ ਕਾਗਜ਼ੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਯੂਨੀਵਰਸਿਟੀਆਂ ਬਣਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦੇ ਮੈਪ ਵੀ ਇਨ੍ਹਾਂ ਕੋਲੋ ਤਿਆਰ ਨਹੀਂ ਹੋਣੇ ਹਨ।
ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਾਰੇ ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰ ਵਿੱਤ ਮੰਤਰੀ ਨੂੰ ਨਿੱਜੀ ਤੌਰ 'ਤੇ ਸਿਰਫ਼ ਮਿਲਣਾ ਚਾਹੁੰਦੇ ਸੀ, ਤਾਂ ਕਿ ਉਹ ਉਸ ਨੂੰ ਬੇਨਤੀ ਕਰ ਸਕਣ ਕਿ ਉਹ ਪੀੜਤ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਮੁਆਵਜ਼ਾ ਦੀ ਕਾਂਗਰਸ ਸਰਕਾਰ ਦੀ ਪ੍ਰਤੀਬੱਧਤਾ ਨੂੰ ਸੂਬੇ ਦੇ ਬਜਟ ਵਿਚ ਸ਼ਾਮਲ ਕਰ ਲੈਣ।
ਚੰਡੀਗੜ੍ਹ ਪੁਲਿਸ ਵੱਲੋਂ ਪੀੜਤ ਪਰਿਵਾਰਾਂ ਜਿਨ੍ਹਾਂ ਵਿੱਚ ਅਪਾਹਜ, ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ ਤੇ ਉਨ੍ਹਾਂ ਦਾ ਸਾਥ ਦੇ ਰਹੇ ਅਕਾਲੀ ਵਿਧਾਇਕਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖ਼ਤ ਨਿੰਦਾ ਕਰਦਿਆਂ ਬਾਦਲ ਨੇ ਕਿਹਾ ਕਿ ਇਹ ਕਾਰਵਾਈ ਲੋਕਤੰਤਰ ਦੇ ਸਾਰੇ ਅਸੂਲਾਂ ਦੇ ਵਿਰੁੱਧ ਹੈ ਅਤੇ ਪਹਿਲਾਂ ਕਦੇ ਨਹੀਂ ਸੀ ਹੋਈ। ਉਨ੍ਹਾਂ ਨੇ ਅਕਾਲੀ ਵਿਧਾਇਕਾਂ ਨਾਲ ਕੀਤੀ ਧੱਕਾਮੁੱਕੀ, ਖਿੱਚਧੂਹ ਅਤੇ ਬਦਸਲੂਕੀ ਦੀ ਵੀ ਸਖ਼ਤ ਨਿਖੇਧੀ ਕੀਤੀ।
ਬਾਦਲ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਇ ਕਾਂਗਰਸ ਸਰਕਾਰ ਨੂੰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਜਿਵੇਂ ਮੁਕੰਮਲ ਕਿਸਾਨ ਕਰਜ਼ਾ ਮੁਆਫੀ, ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਰਾਹਤ, ਘਰ ਘਰ ਨੌਕਰੀ ਅਤੇ ਸਮਾਜ ਭਲਾਈ ਸਕੀਮਾਂ ਦੇ ਲਾਭ ਵਧਾਉਣਾ ਆਦਿ ਪੂਰੇ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ: ਬਜਟ 'ਚ ਕਿਸਾਨ, ਗ਼ਰੀਬ ਤੇ ਰੁਜ਼ਗਾਰ ਰੱਖਿਆ ਗਿਆ ਧਿਆਨ: ਖ਼ਜ਼ਾਨਾ ਮੰਤਰੀ