ਨਵੀਂ ਦਿੱਲੀ: ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਵੰਡਣ ਵਾਲਾ ਬਿੱਲ ਰਾਜ ਸਭਾ ਵਿੱਚ ਪਾਸ ਹੋ ਗਿਆ ਹੈ। ਹੁਣ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਜਾਵੇਗਾ। ਜੰਮੂ-ਕਸ਼ਮੀਰ ਪੁਨਰਗਠਨ ਬਿੱਲ ਦੇ ਪੱਖ ਵਿੱਚ 125 ਅਤੇ ਵਿਰੋਧ ਵਿੱਚ 61 ਵੋਟ ਪਏ।ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਹਟਾਉਣ ਦੇ ਐਲਾਨ ਕਰ ਦਿੱਤਾ ਜਿਸ ਨਾਲ ਜੰਮੂ-ਕਸ਼ਮੀਰ ਨੂੰ ਦਿੱਤਾ ਵਿਸ਼ੇਸ਼ ਸੂਬੇ ਦਾ ਦਰਜਾ ਵੀ ਖ਼ਤਮ ਹੋ ਗਿਆ। ਸਰਕਾਰ ਦੇ ਇਸ ਫ਼ੈਸਲੇ ਦਾ ਭਾਰਤੀ ਜਨਤਾ ਪਾਰਟੀ ਅਤੇ ਉਨ੍ਹਾਂ ਦੀਆਂ ਭਾਈਵਾਲ ਪਾਰਟੀਆਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਨੇ ਵੀ ਸਮਰਥਨ ਕੀਤਾ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਵਿਧਾਨਸਭਾ ਹੋਵੇਗੀ ਪਰ ਲੱਦਾਖ ਵਿੱਚ ਵਿਧਾਨ ਸਭਾ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਸਰਹੱਦ ਪਾਰ ਤੋਂ ਵੱਧ ਰਹੇ ਅੱਤਵਾਦੀ ਖ਼ਤਰਿਆਂ ਨੂੰ ਵੇਖਦੇ ਹੋਏ ਚੱਕਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੱਦਾਖ ਦੇ ਲੋਕ ਲੰਮੇ ਸਮੇਂ ਤੋਂ ਲੱਦਾਖ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦੀ ਮੰਗ ਕਰ ਰਹੇ ਸਨ ਜਿਸ ਨੂੰ ਭਾਜਪਾ ਸਰਕਾਰ ਨੇ ਪੂਰਾ ਕੀਤਾ ਹੈ।
ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਬਣਨ ਨਾਲ ਹੁਣ ਦੇਸ਼ ਵਿੱਚ 9 ਕੇਂਦਰ ਸ਼ਾਸਤ ਪ੍ਰਦੇਸ਼ ਹੋ ਚੁੱਕੇ ਹਨ।