ਚੰਡੀਗੜ੍ਹ : ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਪਾਰਟੀ ਦਾ ਦੂਜੇ ਸੂਬਿਆਂ ਵਿੱਚ ਵਿਸਥਾਰ ਕਰਨ ਲਈ ਪੰਜਾਬ ਦੇ ਲੋਕਾਂ ਦਾ ਪੈਸਾ ਬਰਬਾਦ ਕਰਨ ਦਾ ਇਲਜ਼ਾਮ ਲਗਾਇਆ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਬਾਜਵਾ ਨੇ ਕਿਹਾ ਕਿ ਜਦੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕਨਵਿਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਹੋਰਨਾਂ ਸੂਬਿਆਂ 'ਚ ਪਾਰਟੀ ਰੈਲੀਆਂ ਅਤੇ ਮੀਟਿੰਗਾਂ ਲਈ ਜਾਂਦੇ ਹਨ ਤਾਂ ਹੈਲੀਕਾਪਟਰ ਦਾ ਖਰਚਾ ਵੀ ਪੰਜਾਬ ਸਿਰ ਪੈਂਦਾ ਹੈ। ਪੰਜਾਬ ਦੇ ਵਸੀਲਿਆਂ ਦੀ ਦੁਰਵਰਤੋਂ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਹੈ ਤੇ ਭਗਵੰਤ ਮਾਨ ਇਹ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ "ਲਗਦਾ ਹੈ ਪੰਜਾਬ 'ਆਪ' ਦਾ ਏਟੀਐਮ ਹੈ, ਜਦੋਂ ਵੀ 'ਆਪ' ਦੀ ਸੀਨੀਅਰ ਲੀਡਰਸ਼ਿਪ ਨੂੰ ਲੋੜ ਮਹਿਸੂਸ ਹੁੰਦੀ ਹੈ, ਉਹ ਪੰਜਾਬ ਦੇ ਖ਼ਜ਼ਾਨੇ ਦੀਆਂ ਸੇਵਾਵਾਂ ਦਾ ਲਾਭ ਉਠਾਉਂਦੇ ਹਨ"।
ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋਂ ਕਰ ਰਹੀ ਆਪ ਸਰਕਾਰ : ਬਾਜਵਾ ਨੇ ਕਿਹਾ ਕਿ ਮੱਧ ਪ੍ਰਦੇਸ਼ 'ਚ ਇਸ ਸਾਲ ਦੇ ਅੰਤ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਸੂਬੇ ਦੀ ਆਰਥਿਕਤਾ ਨੂੰ ਹੁਣ ਤੱਕ ਦੇ ਸਭ ਤੋਂ ਮਾੜੇ ਦੌਰ ਵਿੱਚੋਂ ਕੱਢਣ ਲਈ ਰਣਨੀਤੀ ਘੜਨ ਦੀ ਬਜਾਏ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਝੂਠੇ ਸੋਹਲੇ ਗਾ ਰਹੇ ਹਨ। ਪ੍ਰਤਾਪ ਬਾਜਵਾ ਨੇ ਕਿਹਾ ਕਿ ਗੁਜਰਾਤ, ਕਰਨਾਟਕ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਦੀ ਚੋਣ ਮੁਹਿੰਮ ਪੰਜਾਬ ਸੂਬੇ ਲਈ ਭਾਰੀ ਪੈ ਸਕਦੀ ਹੈ। 'ਆਪ' ਦੀ ਸੀਨੀਅਰ ਲੀਡਰਸ਼ਿਪ ਨੇ ਨਾ ਸਿਰਫ਼ ਪੰਜਾਬ ਦੇ ਵਸੀਲਿਆਂ ਦੀ ਦੁਰਵਰਤੋਂ ਕੀਤੀ, ਸਗੋਂ ਪੰਜਾਬ ਦੇ ਖਜ਼ਾਨੇ ਨੂੰ ਇਸ਼ਤਿਹਾਰਾਂ 'ਤੇ ਵੀ ਲਾਪਰਵਾਹੀ ਨਾਲ ਝੂਠਾ ਪ੍ਰਚਾਰ ਕੀਤਾ ਕਿ 'ਆਪ' ਦੇ ਸ਼ਾਸਨ 'ਚ ਪੰਜਾਬ ਬੁਲੰਦੀਆਂ ਉਤੇ ਹੈ।
ਨਿੱਜੀ ਥਰਮਲ ਪਲਾਂਟ ਦੀ ਖਰੀਦੋ-ਫਰੋਖਤ ਉਤੇ ਵੀ ਸਵਾਲ : ਉਨ੍ਹਾਂ ਨੇ ਕਿਹਾ ਹੁਣ ਮੱਧ ਪ੍ਰਦੇਸ਼ ਵਿੱਚ ਚੋਣਾਂ ਹੋਣ ਕਾਰਨ ਪੰਜਾਬ ਨੂੰ ਇਕ ਹੋਰ ਝਟਕਾ ਲੱਗਣ ਵਾਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਰਟੀ ਦੇ ਵਿਸਥਾਰ ਲਈ ਸੂਬੇ ਦੇ ਸਰੋਤਾਂ ਦੀ ਦੁਰਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਜਾ ਰਹੀ ਹੈ। ਜਦਕਿ ਮੈਂ ਕੇਜਰੀਵਾਲ ਨੂੰ ਇਹ ਗੱਲ ਪੁੱਛਣਾ ਚਾਹੁੰਦਾ ਹਾਂ ਕਿ ਤੁਹਾਡੀ ਸਰਕਾਰ ਨੂੰ ਦਿੱਲੀ ਵਿੱਚ 10 ਸਾਲ ਹੋ ਗਏ ਹਨ, ਤੁਸੀਂ ਉਥੇ ਤਾਂ ਕੋਈ ਥਰਮਲ ਪਲਾਂਟ ਨਹੀਂ ਖਰੀਦਿਆ।