ਚੰਡੀਗੜ੍ਹ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਐਨਡੀਏ ਦੀ ਕੇਂਦਰ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਮੁੜ ਵਿਰੋਧ ਪ੍ਰਗਟਾਇਆ ਹੈ, ਜੋ ਹੁਣ ਸੰਸਦ ਵਿੱਚ ਪੇਸ਼ ਕੀਤੇ ਜਾ ਰਹੇ ਹਨ।
ਸੰਸਦ ਮੈਂਬਰ ਨੇ ਕਿਹਾ, ਉਹ ਅੱਜ ਸੰਸਦ ਵਿੱਚ ਸ਼ਾਮਲ ਨਹੀਂ ਹੋ ਸਕੀ, ਕਿਉਂਕਿ ਉਹ ਕੁੱਝ ਕੋਰੋਨਾ ਪੌਜ਼ੀਟਿਵ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਏਕਾਂਤਵਾਸ ‘ਚ ਸੀ। ਉਨ੍ਹਾਂ ਕਿਹਾ ਕਿ ਏਕਾਂਤਵਾਸ ਉਪਰੰਤ ਉਹ ਸੰਸਦ ਵਿੱਚ ਸ਼ਾਮਲ ਹੋਣਗੇ, ਜਿੱਥੇ ਉਹ ਤਿੰਨ ਆਰਡੀਨੈਂਸਾਂ ਦਾ ਸਖ਼ਤ ਵਿਰੋਧ ਕਰਨਗੇ।
ਉਨ੍ਹਾ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ/ਐਨ.ਡੀ.ਏ. ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਪਾਸ ਕਰਨ ਲਈ ਸੰਸਦ ਵਿੱਚ ਆਪਣੇ ਪੂਰਨ ਬਹੁਮਤ ਦੀ ਵਰਤੋਂ ਕਰੇਗੀ, ਤਾਂ ਵੀ ਉਨ੍ਹਾਂ ਦੀ ਪਾਰਟੀ ਇਨ੍ਹਾਂ ਨੂੰ ਕਾਨੂੰਨ ਬਣਨ ਤੋਂ ਰੋਕਣ ਲਈ ਹੋਰ ਕਾਨੂੰਨੀ ਵਿਕਲਪਾਂ ਦੀ ਤਲਾਸ਼ ਕਰੇਗੀ।
ਸ੍ਰੀਮਤੀ ਪ੍ਰਨੀਤ ਕੌਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਲਿਆਉਣ ਵਿੱਚ ਭਾਜਪਾ/ਐਨਡੀਏ ਸਰਕਾਰ ਦੀ ਜ਼ਿੱਦ ’ਤੇ ਹੈਰਾਨੀ ਜ਼ਾਹਰ ਕੀਤੀ, ਜਦਕਿ ਸਾਰੇ ਦੇਸ਼ ਦੇ ਕਿਸਾਨਾਂ ਨੂੰ ਇਨ੍ਹਾਂ ਬਾਰੇ ਡਰ ਅਤੇ ਚਿੰਤਾ ਹੈ, ਜੋ ਆਰਡੀਨੈਂਸਾਂ ਦੇ ਲਾਗੂ ਹੋਣ ਦਾ ਵਿਰੋਧ ਕਰ ਰਹੇ ਹਨ।
ਦੱਸ ਦਈਏ ਕਿ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੀ ਕੂਹਣੀ ਵਿੱਚ ਫ਼ਰੈਕਚਰ ਹੋ ਗਿਆ ਸੀ, ਜਿਸ ਦੌਰਾਨ ਕੁੱਝ ਰਿਸ਼ਤੇਦਾਰ ਜੋ ਉਨ੍ਹਾਂ ਨੂੰ ਮਿਲਣ ਆਏ ਸਨ। ਇਨ੍ਹਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਕੋਰੋਨਾ ਪੌਜ਼ੀਟਿਵ ਪਾਏ ਜਾਣ ਤੋਂ ਬਾਅਦ ਇਕਾਂਤਵਾਸ ਵਿੱਚ ਰਹਿ ਰਹੇ ਹਨ।