ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਹਰਿਆਣਾ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਹਰਿਆਣਾ ਸਰਕਾਰ ਵੱਲੋਂ ਗਿਣੀ ਮਿਥੀ ਸਾਜ਼ਿਸ਼ ਦੱਸਿਆ ਗਿਆ ਹੈ। ਇਸਦੀ ਸਖਤ ਨਿਖੇਧੀ ਵੀ ਕੀਤੀ ਗਈ ਹੈ। ਬੈਠਕ ਦੌਰਾਨ ਮੁਹਤਬਰਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦੀ ਆੜ ਹੇਠ ਹਰਿਆਣਾ ਦੀ ਸਰਕਾਰ ਸਿੱਖ ਗੁਰਧਾਮਾਂ ਨੂੰ ਆਪਣੇ ਕਬਜ਼ੇ ਹੇਠ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਅਸਲ ਵਿੱਚ ਪਿਛਲੇ ਦਿਨੀਂ ਕੁਰੂਕਸ਼ੇਤਰ ਦੇ ਛੇਵੀਂ ਪਾਤਸ਼ਾਹੀ ਗੁਰਦੁਆਰੇ ਵਿੱਚ ਹੋਏ ਹੰਗਾਮੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਮੈਂਬਰਾਂ ਦੀ ਕਮੇਟੀ ਬਣਾਈ ਸੀ। ਕਮੇਟੀ ਦੀ ਰਿਪੋਰਟ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਆਇਆ ਹੈ। ਪਰ ਜਿਸ ਤਰੀਕੇ ਨਾਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਜਾ ਕੇ ਕੀਤੀ ਜਾ ਰਹੀ ਹੈ ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦੇ ਛੇਵੀਂ ਪਾਤਸ਼ਾਹੀ ਗੁਰਦੁਆਰੇ ਵਿੱਚ ਜੋ ਕੁਝ ਵੀ ਵਾਪਰਿਆ ਸੀ, ਉਸ ਲਈ ਅਸੀਂ 5 ਮੈਂਬਰਾਂ ਦੀ ਕਮੇਟੀ ਬਣਾਈ ਸੀ।
ਹਰਿਆਣਾ ਕਮੇਟੀ ਨੇ ਬਣਾਈ ਐਡਹਾਕ : ਉਨ੍ਹਾਂ ਕਿਹਾ ਕਿ ਉਸ ਦਿਨ ਜੋ ਵੀ ਹੋਇਆ ਉਹ ਅਤਿ ਨਿੰਦਣਯੋਗ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭੰਨਤੋੜ ਕੀਤੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਚੁਣੀ ਹੋਈ ਸੰਸਥਾ ਅੰਮ੍ਰਿਤਧਾਰੀ ਸਿੱਖ ਹੋਣੀ ਚਾਹੀਦੀ ਹੈ। ਪਰ ਬਹੁਤੇ ਅੰਮ੍ਰਿਤਧਾਰੀ ਸਿੱਖ ਐਚਐਸਜੀਪੀਏ ਦੀ ਐਡਹਾਕ ਕਮੇਟੀ ਵਿੱਚ ਨਹੀਂ ਹਨ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਐਚਐਸਜੀਪੀਸੀ ਸਬੰਧੀ ਪਾਸ ਕੀਤੇ ਆਰਡੀਨੈਂਸ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ 18 ਮਹੀਨਿਆਂ ਲਈ ਐਡਹਾਕ ਕਮੇਟੀ ਬਣਾਈ ਹੈ। ਜੇਕਰ ਇਸ ਦੌਰਾਨ ਚੋਣਾਂ ਨਾ ਕਰਵਾਈਆਂ ਗਈਆਂ ਤਾਂ ਇਹ ਕਮੇਟੀ 18 ਮਹੀਨਿਆਂ ਲਈ ਰਹੇਗੀ।
ਇਸ ਦੇ ਨਾਲ ਹੀ ਉਨ੍ਹਾਂ ਹਰਿਆਣਾ ਸਰਕਾਰ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਗੁਰਦੁਆਰਿਆਂ 'ਤੇ ਕਬਜ਼ਾ ਕਰਨ ਲਈ ਪੁਲਿਸ ਭੇਜੀ, ਜੋ ਜੁੱਤੀਆਂ ਪਾ ਕੇ ਉਥੇ ਦਾਖਲ ਹੋਈ। ਉਨ੍ਹਾਂ ਕਿਹਾ ਕਿ ਇਹ ਸਿੱਖੀ ਨਾਲ ਛੇੜਛਾੜ ਅਤੇ ਸਿੱਖੀ ਦੀ ਉਲੰਘਣਾ ਹੈ। ਅਸੀਂ ਇਸ ਮਾਮਲੇ ਨੂੰ ਲੈ ਕੇ 3 ਮਾਰਚ ਨੂੰ ਸ਼੍ਰੋਮਣੀ ਕਮੇਟੀ ਦਾ ਜਨਰਲ ਹਾਊਸ ਬੁਲਾਵਾਂਗੇ। ਜਿਸ ਵਿੱਚ ਅਗਲੀ ਕਾਰਵਾਈ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਹਰਿਆਣਾ ਦੇ ਸਿੱਖ ਵੀ ਇਸ ਦੀ ਨਿੰਦਾ ਕਰ ਰਹੇ ਹਨ। ਪਹਿਲਾਂ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਸਨ ਅਤੇ ਫਿਰ ਗੁਰਦੁਆਰੇ ਦੀ ਵਾਗਡੋਰ ਸੰਭਾਲਣੀ ਚਾਹੀਦੀ ਸੀ।
ਅਕਾਲ ਤਖਤ ਸਾਹਿਬ ਦੇਖਣਗੇ ਬੇਅਦਬੀ ਦੀ ਗੱਲ: ਇਹੀ ਨਹੀਂ ਜਦੋਂ ਉਨ੍ਹਾਂ ਨੂੰ ਅੰਮ੍ਰਿਤਪਾਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਜਨਾਲਾ ਦੇ ਥਾਣੇ ਲਿਜਾਣ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਬੇਅਦਬੀ ਦੀ ਗੱਲ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਇਸ ਨੂੰ ਦੇਖ ਲੈਣਗੇ। ਇਸਦੇ ਨਾਲ ਹੀ ਉਹ ਅੰਮ੍ਰਿਤਪਾਲ ਦੇ ਸਮਰਥਨ 'ਚ ਵੀ ਨਜ਼ਰ ਆਏ ਕਿਉਂਕਿ ਉਨ੍ਹਾਂ ਕਿਹਾ ਕਿ ਪੁਲਸ ਨੇ ਇਸ ਮਾਮਲੇ 'ਚ ਜਿਸ ਤਰ੍ਹਾਂ ਦੀ ਕਾਰਵਾਈ ਕੀਤੀ ਅਤੇ ਬਾਅਦ 'ਚ ਨੌਜਵਾਨਾਂ ਨੂੰ ਛੱਡ ਦਿੱਤਾ, ਉਸ ਤੋਂ ਪਤਾ ਲੱਗਦਾ ਹੈ ਕਿ ਪੁਲਸ ਲੋਕਾਂ ਨਾਲ ਧੱਕਾ ਕਰ ਰਹੀ ਹੈ, ਇਸੇ ਤਰ੍ਹਾਂ ਬੰਦੀ ਸਿੰਘਾਂ ਨਾਲ ਵੀ ਅਜਿਹਾ ਹੀ ਕੀਤਾ ਜਾ ਰਿਹਾ ਹੈ।