ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਪ੍ਰੈਸ ਕਾਨਫਰੰਸ ਕਰਕੇ ਆਪਣੇ ਪਤੀ ਦੀ ਮੌਤ ਦੇ ਜ਼ਿੰਮੇਵਾਰ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਦੱਸਿਆ।
ਜਸਵੀਰ ਕੌਰ ਨੇ ਖੁਦਕੁਸ਼ੀ ਕਰਨ ਦੀ ਦਿੱਤੀ ਧਮਕੀ
ਜਸਵੀਰ ਕੌਰ ਅਤੇ ਉਸ ਦੇ ਪੁੱਤਰ ਲਖਵਿੰਦਰ ਸਿੰਘ ਨੇ ਗੁਰਪ੍ਰੀਤ ਕਾਂਗੜ ਅਤੇ ਕਾਂਗਰਸ ਵਿਧਾਇਕ ਕਿੱਕੀ ਢਿੱਲੋਂ 'ਤੇ ਇਲਜ਼ਾਮ ਲਗਾਏ ਕਿ ਉਨ੍ਹਾਂ ਦੇ ਕਰਿੰਦਿਆਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ। ਜਸਵੀਰ ਕੌਰ ਨੇ ਕਿਹਾ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਕਿੱਕੀ ਢਿੱਲੋਂ ਦੀ ਕੋਠੀ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਖੁਦਕੁਸ਼ੀ ਕਰ ਲਵੇਗੀ।
ਅਕਾਲੀਆਂ 'ਤੇ ਵਿੰਨ੍ਹੇ ਨਿਸ਼ਾਨੇ
ਇਸ ਦੌਰਾਨ ਜਸਵੀਰ ਕੌਰ ਨੇ ਅਕਾਲੀਆਂ 'ਤੇ ਵੀ ਰੱਜ ਕੇ ਨਿਸ਼ਾਨੇ ਸਾਧੇ, ਜਸਵੀਰ ਕੌਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਬਾਕੀ ਗਵਾਹਾਂ ਨੂੰ ਕਰੋੜਾਂ ਰੁਪਏ ਦੇ ਨਾਲ ਖਰੀਦ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਹੁਣ ਉਨ੍ਹਾਂ ਨੂੰ ਕਾਂਗਰਸ ਸਰਕਾਰ ਤੋਂ ਖ਼ਤਰਾ ਹੈ। ਇਸ ਪ੍ਰੈਸ ਕਾਨਫਰੰਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਅਕਾਲੀ ਦਲ ਦੇ ਹੋਰ ਮੰਤਰੀ ਵੀ ਮੌਜ਼ੂਦ ਸਨ।
ਜ਼ਿਕਰਯੋਗ ਹੈ ਕਿ ਜਸਵੀਰ ਕੌਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮਿਲ ਚੁੱਕੀ ਹੈ ਅਤੇ ਮੁੱਖ ਮੰਤਰੀ ਵੱਲੋਂ ਵੀ ਭਰੋਸਾ ਦਿੱਤਾ ਗਿਆ ਸੀ ਕਿ ਉਹ ਜਲਦ ਹੀ ਮਨਿੰਦਰ ਸਿੰਘ ਨੂੰ ਗ੍ਰਿਫਤਾਰ ਕਰਵਾਉਣਗੇ।