ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਪਣੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਰਮਚਾਰੀ ਸੰਗਠਨ ਦੀਆਂ ਮੰਗਾਂ ਮੰਨ ਲਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਰਿਟਾਇਰਮੈਂਟ ਤੇ ਡੈਥ ਗਰੈਚੂਟੀ ਦੇਣ ਦਾ ਵੀ ਐਲਾਨ ਕਰ ਦਿੱਤਾ ਗਿਆ ਜਿਸ ਦਾ ਲਾਭ 1 ਲੱਖ 82 ਹਜ਼ਾਰ ਮੁਲਾਜ਼ਮਾਂ ਨੂੰ ਹੋਵੇਗਾ।
ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੈਕਟਰੀਏਟ ਤੇ ਪੂਰੇ ਪੰਜਾਬ ਭਰ ਵਿੱਚ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਸਨ ਤੇ ਆਖਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਹੀ ਲਈਆਂ ਹਨ। ਇਸ ਦਾ ਲਾਭ ਉਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਜਿਨ੍ਹਾਂ ਦੀ ਭਰਤੀ 1 ਜਨਵਰੀ 2004 ਤੋਂ ਬਾਅਦ ਹੋਈ ਸੀ।
ਦੱਸ ਦਈਏ, 2004 ਤੋਂ ਬਾਅਦ ਨੌਕਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਪੈਨਸ਼ਨ ਦਿੱਤੀ ਜਾਵੇਗੀ ਜਦਕਿ ਕੇਂਦਰ ਸਰਕਾਰ ਵੱਲੋਂ ਇਹ ਸਕੀਮ ਕਾਫ਼ੀ ਸਮੇਂ ਤੋਂ ਲਾਗੂ ਕਰ ਦਿੱਤੀ ਸੀ ਜੋ ਕਿ ਪੰਜਾਬ ਸਰਕਾਰ ਵੱਲੋਂ ਬੰਦ ਕਰ ਦਿੱਤੀ ਗਈ ਸੀ ਤੇ ਹੁਣ ਉਸ ਨੂੰ ਮੁੜ ਲਾਗੂ ਕਰ ਦਿੱਤਾ ਗਿਆ।
ਇਸ ਬਾਬਤ ਜਾਣਕਾਰੀ ਦਿੰਦਿਆਂ ਸੈਕਟਰੀਏਟ ਦੇ ਸਾਂਝਾ ਮੁਲਾਜ਼ਮ ਮੰਚ ਦੇ ਜੁਆਇੰਟ ਜਨਰਲ ਸਕੱਤਰ ਸੁਸ਼ੀਲ ਕੁਮਾਰ ਨੇ ਕਿਹਾ ਕਿ ਐਕਸਗ੍ਰੇਸ਼ੀਆ ਤੇ ਡੀਸੀਆਰ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੁਲਾਜ਼ਮਾਂ ਵੱਲੋਂ ਓਲਡ ਪੈਨਸ਼ਨ ਸਕੀਮ ਵਿੱਚ ਲਿਆਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਉੱਥੇ ਹੀ ਸਾਹਿਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਹੁਣ ਇੱਕ ਮੰਗ ਬਾਕੀ ਰਹਿ ਗਈ ਹੈ ਕਿ ਪ੍ਰੋਬੇਸ਼ਨ ਪੀਰੀਅਡ ਦੌਰਾਨ ਦਾ ਤਜ਼ਰਬਾ ਵੀ ਗਿਣਿਆ ਜਾਵੇ ਤਾਂ ਕਿ ਸਨਅਤੀ ਦੌਰਾਨ ਉਨ੍ਹਾਂ ਨੂੰ ਤਿੰਨ-ਤਿੰਨ ਫ਼ੀਸਦੀ ਹਰ ਸਾਲ ਦੇ ਵਾਧੇ ਦਾ ਲਾਭ ਮਿਲ ਸਕੇ।
ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਤੋਹਫ਼ਾ ਦਿੱਤਾ ਹੈ, ਹੁਣ ਵੇਖਣਾ ਇਹ ਹੋਵੇਗਾ ਕੀ ਸਰਕਾਰ ਉਨ੍ਹਾਂ ਦੀਆਂ ਬਾਕੀ ਮੰਗਾਂ ਨੂੰ ਵੀ ਮੰਜ਼ੂਰੀ ਦੇਵੇਗੀ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?