ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਦੀ ਮੀਟਿੰਗ ਬੁਲਾਈ (Punjab cabinet meeting) ਗਈ ਹੈ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਅਤੇ ਕਿਸਾਨਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜੋ: ਅੱਜ ਹੈ 'ਇੰਟਰਨੈਸ਼ਨਲ ਯੂਨੀਵਰਸਲ ਹੈਲਥ ਕਵਰੇਜ ਡੇ', ਜਾਣੋ ਇਸ ਦਾ ਮਹੱਤਤਾ
ਕੈਬਨਿਟ ਬੈਠਕ ਵਿੱਚ ਕਈ ਫੈਸਲਿਆ ਉੱਤੇ ਲੱਗ ਸਕਦੀ ਹੈ ਮੋਹਰ: ਪੰਜਾਬ ਮੰਤਰੀ ਮੰਡਲ ਦੀ ਇਸ ਬੈਠਕ ਵਿੱਚ ਕਈ ਅਹਿਮ ਫੈਸਲਿਆਂ ਉੱਤੇ ਮੋਹਰ ਲੱਗ ਸਕਦੀ ਹੈ। ਇਸ ਦੌਰਾਨ ਪੰਜਾਬ ਮੰਤਰੀ ਮੰਡਲ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਨਵੀਆਂ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ 27 ਦਸੰਬਰ ਤੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋ ਸਕਦਾ ਹੈ, ਜਿਸ ਉੱਤੇ ਵੀ ਚਰਚਾ ਹੋ ਸਕਦੀ ਹੈ।
ਕੈਬਨਿਟ ਵਿਚ ਫੇਰਬਦਲ ਦੀ ਤਿਆਰੀ: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਮਾਨ ਦੇ ਮੰਤਰੀ ਮੰਡਲ ਵਿੱਚੋਂ 2 ਮੰਤਰੀਆਂ ਦੀ ਛੁੱਟੀ ਲਗਭਗ ਤੈਅ ਮੰਨੀ ਜਾ ਰਹੀ ਹੈ। ਜਾਣਕਾਰੀ ਹੈ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਉੱਤੇ ਅੱਠ ਮਹੀਨਿਆਂ ਤੋਂ ਮੰਤਰੀਆਂ ਦੇ ਕੰਮਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ, ਜੋ ਲਗਭਗ ਪੂਰਾ ਹੋ ਗਈ ਹੈ। ਇਸ ਸਮੀਖਿਆ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਮੰਤਰੀ ਮੰਡਲ ਵਿੱਚ ਫੇਰਬਦਲ ਕਰ ਸਕਦੇ ਹਨ।
ਇਹਨਾਂ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਲਾਲਜੀਤ ਸਿੰਘ ਭੁੱਲਰ ਆਪਣੀ ਕਾਰਗੁਜ਼ਾਰੀ ਦੇ ਆਧਾਰ 'ਤੇ ਸਰਕਾਰ ਦੇ ਰਾਡਾਰ 'ਤੇ ਦੱਸੇ ਜਾ ਰਹੇ ਹਨ। ਉਥੇ ਹੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿਚ ਘਿਰੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ, ਹਾਲਾਂਕਿ ਇਸ ਦੀ ਈਟੀਵੀ ਭਾਰਤ ਪੁਸ਼ਟੀ ਨਹੀਂ ਕਰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਕੈਬਨਿਟ ਵਿਚੋਂ ਦੋ ਮੰਤਰੀਆਂ ਦੀ ਛੁੱਟੀ ਕਰਕੇ ਦੋ ਨਵੇਂ ਚਿਹਰੇ ਲਿਆ ਸਕਦੇ ਹਨ।
ਇਹ ਵੀ ਪੜੋ: ਭਾਰਤ ਦਾ ਸਭ ਤੋਂ ਵੱਧ ਵਜ਼ਨਦਾਰ ਬਰਗਰ ਤਿਆਰ ਕਰਕੇ ਬਰਗਰ ਚਾਚੂ ਨੇ ਬਣਾਇਆ ਰਿਕਾਰਡ !