ਚੰਡੀਗੜ੍ਹ: ਲੌਕਡਾਊਨ ਦੇ ਲੰਮਾ ਸਮਾਂ ਚੱਲਣ ਅਤੇ ਕੋਵਿਡ ਵਿਰੁੱਧ ਲੜਾਈ ਲੜਨ ਵਿੱਚ ਭਾਰਤ ਸਰਕਾਰ ਵੱਲੋਂ ਛੋਟੇ ਸੂਬਿਆਂ ਦੀ ਬਾਂਹ ਨਾ ਫੜਨ 'ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਨੇ ਆਖਿਆ ਕਿ ਇਹ ਕੇਂਦਰ ਸਰਕਾਰ ਦੀ ਡਿਊਟੀ ਬਣਦੀ ਹੈ ਕਿ ਇਸ ਕੌਮੀ ਲੜਾਈ ਵਿੱਚ ਅਰਥਚਾਰੇ ਦੀ ਮੰਦਹਾਲੀ ਨਾਲ ਜੂਝ ਰਹੇ ਸੂਬਿਆਂ ਦੀ ਮਦਦ ਲਈ ਅੱਗੇ ਆਵੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ, ਕੋਵਿਡ ਦੀ ਸਥਿਤੀ ਨੂੰ ਸੰਭਾਲਣ ਵਿੱਚ ਸਿਖਰ 'ਤੇ ਹੈ ਅਤੇ ਮੈਡੀਕਲ ਦੇ ਪੱਖ ਤੋਂ ਸਮੱਸਿਆ ਨੂੰ ਕਾਫੀ ਹੱਦ ਤੱਕ ਕਾਬੂ ਕਰ ਲਿਆ ਹੈ ਪਰ ਆਰਥਿਕ ਸੁਰਜੀਤੀ ਲਈ ਕੇਂਦਰ ਸਰਕਾਰ ਪਾਸੋਂ ਮਦਦ ਦੀ ਲੋੜ ਹੋਵੇਗੀ।
ਭਾਰਤ ਸਰਕਾਰ ਦੇ ਮੌਜੂਦਾ ਰਵੱਈਏ ਨੂੰ ਅਫਸੋਸਜਨਕ ਦੱਸਦਿਆਂ ਕੈਪਟਨ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਆਰਥਿਕ ਸਰਗਰਮੀਆਂ ਦੀ ਮੁੜ ਸ਼ੁਰੂਆਤ ਕਰਨ ਲਈ ਸਾਰੇ ਕਦਮ ਸੂਬਾ ਸਰਕਾਰ ਨੇ ਆਪਣੇ ਯਤਨਾਂ ਨਾਲ ਚੁੱਕੇ ਹਨ। ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ.) ਦੀ ਕਰਜ਼ਾ ਹੱਦ ਵਧਾਉਣ ਲਈ ਸ਼ਰਤਾਂ ਥੋਪਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਅਧਿਕਾਰਾਂ ਨੂੰ ਘਟਾਉਂਦੇ ਹੋਏ ਕੇਂਦਰ ਸਰਕਾਰ ਵੱਲੋਂ ਬਹੁਤ ਘੱਟ ਅਤੇ ਦੇਰੀ ਨਾਲ ਕੀਤੀ ਵਿੱਤੀ ਮਦਦ ਦਾ ਲਾਭ ਵੀ ਮਨਫ਼ੀ ਹੋ ਗਿਆ।
ਕੋਵਿਡ-19 ਦਰਮਿਆਨ ਅਰਥ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ ਸੂਬੇ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ 'ਚ ਸਮਾਪਤ ਹੋਏ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਹੋਈ ਭਰਵੀਂ ਫਸਲ ਸਦਕਾ ਕਰੀਬ 24000 ਕੋਰੜ ਰੁਪਏ ਪੇਂਡੂ ਆਰਥਿਕਤਾ ਲਈ ਮੁਹੱਈਆ ਕਰਵਾਏ ਗਏ ਹਨ।
ਮੁੱਖ ਮੰਤਰੀ ਨੇ ਅੱਗੋਂ ਦੱਸਿਆ ਕਿ ਸੂਬੇ ਦੇ ਕੁੱਲ 2.56 ਲੱਖ ਉਦਯੋਗਿਕ ਯੂਨਿਟਾਂ ਵਿਚੋਂ 20 ਹਜ਼ਾਰ ਨੂੰ ਛੱਡ ਕੇ ਸਾਰੇ ਚਾਲੂ ਹੋ ਚੁੱਕੇ ਹਨ। ਉਨ੍ਹਾਂ ਨੇ ਛੋਟੇ ਅਤੇ ਮੱਧ ਦਰਜੇ ਦੇ ਉਦਯੋਗਾਂ ਨੂੰ ਇਸ ਸੰਕਟ ਭਰੇ ਸਮੇਂ ਵਿੱਚੋਂ ਉਭਾਰਨ ਲਈ ਕੇਂਦਰ ਨੂੰ ਅਪੀਲ ਕੀਤੀ।
ਸਵੈ-ਇੱਛਾ ਨਾਲ ਪੰਜਾਬ ਵਿੱਚ ਰਹਿਣ ਵਾਲੇ ਪਰਵਾਸੀ ਕਾਮਿਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ 11.50 ਲੱਖ ਵਿਅਕਤੀਆਂ ਜਿਨ੍ਹਾਂ ਨੇ ਆਪਣੇ ਘਰਾਂ ਨੂੰ ਵਾਪਸ ਜਾਣ ਲਈ ਅਪਲਾਈ ਕੀਤਾ ਸੀ, ਵਿੱਚੋਂ 5 ਲੱਖ ਤੋਂ ਵੱਧ ਨੇ ਉਦਯੋਗਾਂ ਦੇ ਖੁੱਲ੍ਹਣ ਨਾਲ ਪੰਜਾਬ ਵਿੱਚ ਹੀ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਈ ਪਰਵਾਸੀ ਕਾਮੇ ਹੁਣ ਬਿਹਾਰ ਅਤੇ ਯੂਪੀ ਵਰਗੇ ਰਾਜਾਂ ਤੋਂ ਕੰਮ ਦੁਬਾਰਾ ਸ਼ੁਰੂ ਕਰਨ ਲਈ ਪੰਜਾਬ ਵਾਪਸ ਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਮਜ਼ਦੂਰ ਜੋ ਆਪਣੇ ਘਰਾਂ ਨੂੰ ਵਾਪਸ ਚਲੇ ਗਏ ਸਨ, ਪੰਜਾਬ ਸਰਕਾਰ ਵੱਲੋਂ ਪੁਲਿਸ, ਐਨ.ਜੀ.ਓਜ਼, ਧਾਰਮਿਕ ਸੰਸਥਾਵਾਂ ਆਦਿ ਦੇ ਸਮਰਥਨ ਨਾਲ ਕੀਤੀ ਦੇਖਭਾਲ ਦੀਆਂ ਗੱਲ ਕਰ ਰਹੇ ਹਨ।
ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਮਜ਼ਦੂਰਾਂ ਦੀ ਘਾਟ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਝੋਨੇ ਦੀ ਲਗਭਗ 30 ਫੀਸਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜਿਸ ਲਈ ਮਜ਼ਦੂਰਾਂ ਦੀ ਘੱਟ ਲੋੜ ਹੈ ਅਤੇ ਇਸ ਦਾ ਲਾਗਤ ਖ਼ਰਚਾ ਵੀ ਘੱਟ ਹੈ।
ਘਰੇਲੂ ਵਰਤੋਂ ਲਈ ਬਿਜਲੀ ਦਰਾਂ 'ਚ ਕਟੌਤੀ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਹੇਠਲੀ ਸ਼੍ਰੇਣੀ ਦੇ 52,000 ਘਰੇਲੂ ਖਪਤਕਾਰਾਂ ਅਤੇ ਦੂਜੇ ਵਰਗ ਦੇ ਉਪਭੋਗਤਾਵਾਂ ਨੂੰ ਲਾਭ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੈਪਟਨ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਜਲਦੀ ਹੀ ਸਹਿਕਾਰੀ ਖੰਡ ਮਿੱਲਾਂ ਦੇ ਬਕਾਏ ਅਦਾ ਕਰੇਗੀ ਅਤੇ ਨਿੱਜੀ ਮਿੱਲ ਮਾਲਕਾਂ 'ਤੇ ਵੀ ਦਬਾਅ ਪਾ ਰਹੀ ਹੈ ਕਿ ਉਹ ਕਿਸਾਨਾਂ ਦਾ ਬਕਾਇਆ ਅਦਾ ਕਰੇ।