ਨਵੀਂ ਦਿੱਲੀ: ਪੰਜਾਬ ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਹੋਈ। ਕਾਂਗਰਸ ਦੇ ਵਾਰ ਰੂਮ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਹੋਈ ਚਰਚਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦਾ ਐਲਾਨ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਕਰ ਦਿੱਤਾ ਜਾਵੇਗਾ।
ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਤਾਂ ਨਹੀਂ ਦੱਸਿਆ ਕਿ ਕਿਹੜੇ-ਕਿਹੜੇ ਉਮੀਦਵਾਰਾਂ ਦਾ ਨਾਂਅ ਤੈਅ ਹੋਇਆ ਹੈ ਪਰ ਉਨ੍ਹਾਂ ਇਹ ਕਿਹਾ ਕਿ ਜਲਦ ਹੀ ਉਮੀਦਵਾਰਾਂ ਦੀ ਲਿਸਟ ਕਾਂਗਰਸ ਚੋਣ ਕਮੇਟੀ ਨੂੰ ਭੇਜੀ ਜਾਵੇਗੀ ਤੇ ਅਪ੍ਰੈਲ 'ਚ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕਰ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਮਿਸ਼ਨ ਸ਼ਕਤੀ 'ਤੇ ਚੋਣ ਕਮਿਸ਼ਨ ਵੱਲੋਂ ਲਏ ਗਏ ਨੋਟਿਸ ਬਾਰੇ ਵੀ ਕੈਪਟਨ ਨੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਅਜਿਹੇ ਐਲਾਨ ਕਰਨਾ ਨਿਯਮਾਂ ਦੀ ਉਲੰਘਣਾ ਹੈ। ਇਸ ਲਈ ਹੀ ਚੋਣ ਕਮਿਸ਼ਨ ਨੇ ਇਸ ਮਾਮਲੇ 'ਤੇ ਨੋਟਿਸ ਲਿਆ।