ਚੰਡੀਗੜ੍ਹ : ਪੰਜਾਬ 'ਚ ਹੜ੍ਹਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਦਿਖਾਈ ਗਈ ਬੇਅਖਤਿਆਰੀ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਲਾਉਂਦਿਆਂ ਪੰਜਾਬ ਨੂੰ ਤਰਜੀਹ ਨਾ ਦੇਣ ਦੀ ਗੱਲ ਆਖੀ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸੂਚੀ 'ਚ ਪੰਜਾਬ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ। ਜਿਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਐਲਾਨੇ ਜਾਣ ਦੀ ਗੱਲ ਆਖੀ ਸੀ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਨੂੰ ਵੀ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ 'ਚ ਸ਼ਾਮਲ ਕਰ ਦਿੱਤਾ ਹੈ।
ਮਨਪ੍ਰੀਤ ਬਾਦਲ ਨੇ ਹੜ੍ਹਾਂ ਨੂੰ ਕੁਦਰਤੀ ਆਪਦਾ ਦੱਸਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ 100 ਕਰੋੜ ਦੀ ਰਾਸ਼ੀ ਦੀ ਗੱਲ ਕਰਦਿਆਂ ਕਿਹਾ ਕਿ ਹੜ੍ਹਾਂ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਨੁਕਸਾਨ ਦੀ ਅਸਲ ਤਸਵੀਰ ਸਾਹਮਣੇ ਆ ਸਕੇਗੀ। ਕੇਂਦਰ ਸਰਾਕਰ 'ਤੇ ਟਿੱਪਣੀ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿਰਫ਼ ਹੜ੍ਹਾਂ ਦੇ ਮੁੱਦੇ 'ਤੇ ਹੀ ਨਹੀਂ ਸਗੋਂ ਹੋਰ ਕਈ ਵਾਰ ਵੀ ਪੰਜਾਬ ਨੂੰ ਅੱਖੋਂ ਪਰੋਖੇ ਕੀਤਾ ਹੈ, ਉਨ੍ਹਾਂ ਇੱਕ ਹਫ਼ਤੇ ਪਹਿਲਾਂ ਭਾਰਤੀ ਪੱਧਰ 'ਤੇ ਕਿਸਾਨਾਂ ਦੀ ਤਨਖ਼ਾਹ ਨੂੰ ਦੁਗਣਾ ਕਰਨ ਵਾਲੀ ਗੱਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਮੀਟਿੰਗ 'ਚ ਵੀ ਪੰਜਾਬ ਨੂੰ ਸ਼ਾਮਲ ਨਹੀਂ ਸੀ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਦੋ ਕੈਬਿਨੇਟ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਦੱਸਣਯੋਗ ਹੈ ਕਿ ਸਿਰਫ਼ ਪੰਜਾਬ ਹੀ ਨਹੀਂ ਸਗੋਂ ਭਾਰਤ ਦੇ ਕਈ ਇਲਾਕੇ ਹੜ੍ਹਾਂ ਨਾਲ ਪ੍ਰਭਾਵਿਤ ਹਨ ਜਿਨ੍ਹਾਂ ਨੂੰ ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ 'ਚ ਸ਼ਾਮਲ ਕੀਤਾ ਹੈ।