ਚੰਡੀਗੜ੍ਹ ਡੈਸਕ : ਕਿਸਾਨਾਂ ਵੱਲੋਂ 11 ਨਵੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਨੂੰ ਮੁੜ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਹੁਣ ਸੂਬਾ ਸਰਕਾਰ ਨੇ ਕਿਸਾਨਾਂ ਅਤੇ ਮੁਲਾਜਮਾਂ ਦੀ ਮੀਟਿੰਗ ਸੱਦ ਲਈ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਜਾਣਕਾਰੀ ਦਿੱਤੀ ਹੈ ਕਿ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ 32 ਜਥੇਬੰਦੀਆਂ ਨਾਲ ਮਿਲ ਕੇ 300 ਟਰੈਕਟਰ-ਟਰਾਲੀਆਂ ਨਾਲ ਚੰਡੀਗੜ੍ਹ ਪਹੁੰਚਣ ਦਾ ਐਲਾਨ ਕੀਤਾ ਸੀ ਅਤੇ ਹੁਣ ਸਰਕਾਰ ਵੀ ਗੱਲਬਾਤ ਦੇ ਮੂਡ ਵਿੱਚ ਲੱਗ ਰਹੀ ਹੈ। ਪੰਜਾਬ ਸਰਕਾਰ ਨੇ ਧਰਨਾਕਾਰੀ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਗੱਲਬਾਤ ਲਈ 22 ਨਵੰਬਰ ਨੂੰ ਮੀਟਿੰਗ ਸੱਦੀ ਹੈ। ਇਹ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਕੈਬਨਿਟ ਸਬ-ਕਮੇਟੀ ਵੱਲੋਂ ਕੀਤੀ ਜਾਵੇਗੀ।
ਤਿੰਨ ਦਿਨ ਕਰਨਾ ਸੀ ਘੇਰਾਓ: ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਤਿੰਨ ਦਿਨਾਂ ਲਈ ਚੰਡੀਗੜ੍ਹ ਦੀ ਘੇਰਾਬੰਦੀ ਕੀਤੀ ਜਾਵੇਗੀ। ਇਸ ਐਲਾਨ ਦੇ 48 ਘੰਟਿਆਂ ਦੇ ਅੰਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੋ ਗਈ ਹੈ। ਅਤੇ ਕਿਸਾਨਾਂ ਨੂੰ ਸੱਦਾ ਵੀ ਮਿਲਿਆ ਹੈ।
ਜਥੇਬੰਦੀਆਂ ਨਾਲ ਮੀਟਿੰਗ ਦਾ ਵੱਖਰਾ ਸਮਾਂ: ਉਨ੍ਹਾਂ ਦੱਸਿਆ ਕਿ ਕੈਬਨਿਟ ਸਬ-ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਲਈ ਇਸ ਮੀਟਿੰਗ ਵਿੱਚ ਸੱਦਿਆ ਹੈ ਅਤੇ ਮੀਟਿੰਗ ਦਾ ਸਮਾਂ ਸਾਰਿਆਂ ਲਈ ਵੱਖਰੇ ਤੌਰ ਉੱਤੇ ਤੈਅ ਕੀਤਾ ਗਿਆ ਹੈ। ਜਣਕਾਰੀ ਮੁਤਾਬਿਕ ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋ ਰਹੀ ਹੈ ਅਤੇ ਪੰਜਾਬ ਸਰਕਾਰ ਨੇ ਇਹ ਫੈਸਲਾ ਤਾਲਮੇਲ ਕਮੇਟੀ ਨਾਲ ਕੀਤੀ ਗਈ ਮੀਟਿੰਗ ਮਗਰੋਂ ਲਿਆ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਕੈਬਨਿਟ ਸਬ ਕਮੇਟੀ ਸੀਪੀਐੱਫ ਇੰਪਲਾਈਜ਼ ਯੂਨੀਅਨ ਨਾਲ ਸਵੇਰੇ 11 ਵਜੇ ਮੀਟਿੰਗ ਕਰੇਗੀ ਅਤੇ ਇਸ ਤੋਂ ਬਾਅਦ ਡੈਮੋਕ੍ਰੇਟਿਕ ਵਣ ਕਰਮਚਾਰੀ ਯੂਨੀਅਨ ਨਾਲ 11.30 ਵਜੇ ਅਤੇ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੂੰ ਦੁਪਹਿਰ 12 ਵਜੇ ਸਿਰਫ਼ 15 ਮਿੰਟ ਲਈ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਹੈ।
ਯਾਦ ਰਹੇ ਕਿ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਸੁਪਰਡੈਂਟਾਂ ਨੂੰ ਤਰੱਕੀ, ਸੀਨੀਅਰ ਸਹਾਇਕਾਂ ਨੂੰ ਤਰੱਕੀ ਅਤੇ ਡੀਸੀ ਦਫ਼ਤਰ ਵਿੱਚ ਨਿਯਮਾਂ ਅਨੁਸਾਰ ਨਵੀਂ ਭਰਤੀ ਕਰਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਦਫ਼ਤਰੀ ਮੁਲਾਜ਼ਮਾਂ ਨੂੰ ਟੋਲ ਪਲਾਜ਼ਿਆਂ ਤੋਂ ਛੋਟ ਦੀ ਮੰਗ ਵੀ ਰੱਖੀ ਗਈ ਹੈ।