ਚੰਡੀਗੜ੍ਹ: ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਧੀਨ ਆਉਂਦੇ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਦੀ ਕਵਾਇਦ ਜਲਦ ਸ਼ੁਰੂ ਕੀਤੀ ਜਾਵੇਗੀ। ਇੱਥੇ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਿਹਾੜੀਦਾਰ ਕਾਮਿਆਂ ਦੀ ਸੀਨੀਅਰਤਾ ਸੂਚੀ 31 ਦਸੰਬਰ, 2019 ਤੱਕ ਜਾਰੀ ਕਰਨ ਦੀ ਹਦਾਇਤ ਦਿੱਤੀ।
ਉਨ੍ਹਾਂ ਕਿਹਾ ਕਿ 30 ਨਵੰਬਰ ਤੱਕ ਸਮੁੱਚੀਆਂ ਜਥੇਬੰਦੀਆਂ ਸਬੰਧਤਾਂ ਕੋਲੋਂ ਇਤਰਾਜ਼ ਲੈ ਕੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾਵੇ। ਉਨ੍ਹਾਂ ਸੀਨੀਆਰਤਾ ਸੂਚੀ ਸਬੰਧੀ ਬਣਾਈ ਸਕਰੀਨਿੰਗ ਕਮੇਟੀ ਨੂੰ ਮੁਲਾਜ਼ਮ ਜਥੇਬੰਦੀਆਂ ਨਾਲ ਨਵੰਬਰ ਦੇ ਪਹਿਲੇ ਹਫ਼ਤੇ ਇੱਕ ਵਿਸ਼ੇਸ਼ ਮੀਟਿੰਗ ਕਰਕੇ ਬਕਾਇਆ ਮਸਲੇ ਹੱਲ ਲਈ ਵੀ ਕਿਹਾ।
ਧਰਮਸੋਤ ਨੇ ਕਿਹਾ ਕਿ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਦੀਆਂ ਪਿਛਲੇ ਦੋ-ਤਿੰਨ ਮਹੀਨਿਆਂ ਦੀਆਂ ਰੁਕੀਆਂ ਤਨਖ਼ਾਹਾਂ ਜਲਦ ਜਾਰੀ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਭਵਿੱਖ 'ਚ ਸਬੰਧਤਾਂ ਦੀਆਂ ਤਨਖ਼ਾਹਾਂ ਹਰ ਮਹੀਨੇ ਜਾਰੀ ਕਰਨ ਨੂੰ ਯਕੀਨੀ ਬਣਾਇਆ ਜਾਵੇ। ਜੰਗਲਾਤ ਮੰਤਰੀ ਨੇ ਜਥੇਬੰਦੀਆਂ ਦੀਆਂ ਹੋਰਨਾਂ ਜਾਇਜ਼ ਮੰਗਾਂ ਨੂੰ ਵੀ ਨਿਯਮਾਂ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ।