ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।
ਇਹ ਵੀ ਪੜੋ: ਵਿਦੇਸ਼ ਦੀ ਧਰਤੀ ਉੱਤੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਸਰਕਾਰ ਅੱਗੇ ਲਗਾਈ ਗੁਹਾਰ
75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ: ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ ਸਨ, ਜਿੱਥੇ ਉਹਨਾਂ ਨੇ 27 ਜਨਵਰੀ ਨੂੰ ਹੋਣ ਵਾਲੇ ਵੱਡੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਮਗਰੋਂ ਉਹਨਾਂ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਹੈਲਥ ਪੈਕੇਜ ਮੁਫਤ ਪ੍ਰਦਾਨ ਕਰ ਰਹੇ ਹਨ।
ਹਸਪਤਾਲਾਂ ਵਿੱਚ ਵੱਡੇ ਖਰਚੇ ਨਹੀਂ ਕਰਨੇ ਪੈਣਗੇ: ਮੁੱਖ ਮੰਤਰੀ ਨੇ ਕਿਹਾ ਕਿ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ ਜਿਸ ਨਾਲ ਅਜਿਹੇ 500 ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਵਸਨੀਕਾਂ ਨੂੰ ਹੁਣ ਇਲਾਜ ਤੇ ਜਾਂਚ ਸਹੂਲਤਾਂ ਲਈ ਹਸਪਤਾਲਾਂ ਵਿੱਚ ਵੱਡੇ ਖਰਚੇ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮਰੀਜ਼ ਕਲੀਨਿਕਾਂ ਵਿੱਚ ਜਾ ਕੇ ਡਾਕਟਰੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ ਜਾਂ ਫਿਰ ਆਨਲਾਈਨ ਸਮਾਂ ਲੈਣ ਦੀ ਸਹੂਲਤ ਵੀ ਹਾਸਲ ਕਰ ਸਕਦੇ ਹਨ।
ਇਹ ਵੀ ਪੜੋ: India vs Sri Lanka: ਤੀਜੇ ਵਨਡੇ ਤੋਂ ਪਹਿਲਾਂ ਕੇਰਲ ਦੇ ਰੰਗ ਵਿੱਚ ਰੰਗੇ ਖਿਡਾਰੀ