ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਰਚ 2017 'ਚ ਸੱਤਾ 'ਚ ਆਉਣ ਤੋਂ ਬਾਅਦ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਐਕਟਾਂ ਅਧੀਨ 2140 ਕੇਸ ਦਰਜ ਕੀਤੇ ਹਨ।
ਪੰਜਾਬ ਵਿਧਾਨ ਸਭਾ ਸੈਸ਼ਨ 'ਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਵੱਲੋਂ ਵਿਧਾਇਕ ਕੰਵਰ ਸੰਧੂ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦੇ ਜਵਾਬ 'ਚ ਇਨ੍ਹਾਂ ਕੇਸਾਂ ਬਾਰੇ ਖ਼ੁਲਾਸਾ ਕੀਤਾ। ਉਨ੍ਹਾਂ ਸਦਨ ਨੂੰ ਦੱਸਿਆ ਕਿ ਹਾਲ ਹੀ ਚ ਕਪੂਰਥਲਾ ਜ਼ਿਲ੍ਹੇ ਦੇ ਚਾਰ ਨੌਜਵਾਨਾਂ ਜਿਨ੍ਹਾਂ ਨੂੰ ਧੋਖਾਧੜੀ ਨਾਲ ਟਰੈਵਲ ਏਜੰਟਾਂ ਦੇ ਇੱਕ ਗਰੁੱਪ ਨੇ ਆਰਮੀਨੀਆ ਭੇਜ ਦਿੱਤਾ ਸੀ ਦੇ ਮਾਮਲੇ 'ਚ ਕਾਰਵਾਈ ਕਰਦਿਆਂ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ-2012 ਦੇ ਤਹਿਤ ਤਿੰਨ ਟਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਬਾਕੀਆਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਏਜੰਟਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਲੁਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਹ ਸਾਰੇ ਪੀੜਤ ਨੌਜਵਾਨ ਅਰਮੀਨੀਆ ਤੋਂ 9 ਫ਼ਰਵਰੀ ਨੂੰ ਸੁਰੱਖਿਅਤ ਆਪਣੇ ਘਰ ਪਹੁੰਚ ਗਏ ਹਨ।
ਗ਼ੈਰ-ਕਾਨੂੰਨੀ ਏਜੰਟਾਂ ਦੇ ਹੱਥੋਂ ਸੂਬੇ ਦੇ ਨੌਜਵਾਨਾਂ ਦੇ ਹੁੰਦੇ ਸ਼ੋਸ਼ਣ ਨੂੰ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਵਚਨਬੱਧਤਾ ਪ੍ਰਗਟਾਉਂਦਿਆਂ ਕੈਬਿਨਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵਿਦੇਸ਼ਾਂ ਚ ਨੌਕਰੀਆਂ ਦੀ ਲੋੜ ਮੁਤਾਬਕ ਨੌਜਵਾਨਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾਉਣ ਲਈ ਇਕ ਨਿਗਮ ਦਾ ਗਠਨ ਛੇਤੀ ਹੀ ਕੀਤਾ ਜਾਵੇਗਾ ਜਿਸ ਦੀਆਂ ਸੇਵਾ ਸ਼ਰਤਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।