ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵੀਰਵਾਰ ਨੂੰ ਕਾਫ਼ੀ ਹੰਗਾਮੇਦਾਰ ਰਹੀ। ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਤੇ ਵਿਰੋਧ ਜਤਾਉਂਦਿਆਂ ਸਦਨ ਤੋਂ ਵਾਕਆਊਟ ਕੀਤਾ ਤੇ ਬਾਅਦ 'ਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਵੀ ਸਦਨ ਤੋਂ ਚੱਲੇ ਗਏ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਕਾਲੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਛੁਣਛਣਾ ਵਜਾ ਕੇ ਵਿਰੋਧ ਕੀਤਾ। ਇਜਲਾਸ ਦੇ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨਾਲ ਰੁਬਰੂ ਹੋਏ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਵਿਵਾਦਗ੍ਰਸਤ ਬਿਜਲੀ ਖ਼ਰੀਦ ਸਮਝੌਤਿਆਂ ਦੇ ਸਬੰਧ ਵਿੱਚ ਅਕਾਲੀਆਂ ਵੱਲੋਂ ਕੀਤੇ ਫ਼ਰੇਬ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਵਾਈਟ ਪੇਪਰ ਲਿਆਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਵਾਈਟ ਪੇਪਰ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਪਾਵਰ ਪਲਾਂਟ ਸਥਾਪਤ ਕਰਨ ਸਬੰਧੀ ਕੀਤੇ ਸਮਝੌਤਿਆਂ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਖੁਲਾਸਾ ਕਰੇਗਾ। ਉਨ੍ਹਾਂ ਨੇ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਹੀ ਬਿਜਲੀ ਸਮਝੌਤਿਆਂ ਸਮੇਤ ਵੱਖ-ਵੱਖ ਮਾਰੂ ਕਦਮਾਂ ਰਾਹੀਂ ਸੂਬੇ ਦੇ ਅਰਥਚਾਰੇ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਹੈ।
ਉੱਥੇ ਹੀ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਕਾਲੀ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦੇ ਵਾਅਦਿਆ ਖ਼ਿਲਾਫ ਛੁਣਛਣਾ ਵਜਾ ਕੇ ਵਿਰੋਧ ਕੀਤੇ ਜਾਣ ਬਾਰੇ ਕੈਪਟਨ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੋਈ ਵੀ ਗੱਲ ਕਹਿਣ ਤੋਂ ਪਰਹੇਜ ਕੀਤਾ।