ਚੰਡੀਗੜ੍ਹ: ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਇਕਜੁੱਟਤਾ ਦਰਸਾਉਂਦਿਆਂ ਪੰਜਾਬ ਨੰਬਰਦਾਰ ਯੂਨੀਅਨ ਨੇ ਆਪਣੀ ਇੱਛਾ ਨਾਲ ਤਿੰਨ ਮਹੀਨੇ ਦਾ ਮਾਣ ਭੱਤਾ ਜੋ ਕਿ ਲਗਭਗ 14.16 ਕਰੋੜ ਰੁਪਏ ਬਣਦਾ ਹੈ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ ਲਿਆ ਹੈ। ਕਾਂਗੜ ਨੇ ਇਸ ਨੇਕ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।
ਜਾਣਕਾਰੀ ਸਾਂਝੀ ਕਰਦਿਆਂ ਕਾਂਗੜ ਨੇ ਦੱਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਜਿਸ ਵਿੱਚ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਲਾਭ ਸਿੰਘ ਕੜੈਲ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਪਰਮਿੰਦਰ ਸਿੰਘ, ਸਕੱਤਰ ਬਲਵੰਤ ਸਿੰਘ, ਸਕੱਤਰ ਕੁਲਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਮਾਨਸਾ ਅੰਮ੍ਰਿਤਪਾਲ ਸਿੰਘ ਅਤੇ ਹੋਰ ਅਹੁਦੇਦਾਰ ਸ਼ਾਮਲ ਸਨ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸੱਕਤਰ ਦੇ ਦਫ਼ਤਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਮਾਣ ਭੱਤਾ ਦਾਨ ਕਰਨ ਸਬੰਧੀ ਲਿਖ਼ਤ ਸਹਿਮਤੀ ਦਿੱਤੀ।
ਇਹ ਵੀ ਪੜ੍ਹੋ-ਕਰਤਾਰਪੁਰ ਕੋਰੀਡੋਰ ਸਬੰਧੀ 30 ਅਗਸਤ ਨੂੰ ਹੋ ਸਕਦੀ ਹੈ ਭਾਰਤ-ਪਾਕਿਸਤਾਨ ਬੈਠਕ
ਦੱਸਣਯੋਗ ਹੈ ਕਿ ਪੰਜਾਬ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਜਿੱਥੇ ਇਸ ਦੀ ਮਦਦ ਲਈ ਰਾਜਨੀਤਿਕ ਪਾਰਟੀਆਂ ਸਹਿਯੋਗ ਦੇ ਰਹੀਆਂ ਹਨ ਉੱਥੇ ਹੀ ਆਮ ਲੋਕਾਂ ਵੱਲੋਂ ਵੀ ਕਾਫੀ ਸਹਿਯੋਗ ਮਿਲ ਰਿਹਾ ਹੈ। ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਚੁੱਕਿਆ ਗਿਆ ਕਦਮ ਜਿੱਥੇ ਸ਼ਲਾਘਾਯੋਗ ਹੈ ਉੱਥੇ ਹੀ ਕਈਆਂ ਲਈ ਪ੍ਰੇਰਣਾ ਦਾ ਸਰੋਤ ਵੀ ਹੈ।