ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਕਾਂਡ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਅਰੁਨਾ ਚੌਧਰੀ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਇਸ ਸਮੁੱਚੇ ਕੇਸ ਨੂੰ ਹੱਲ ਕਰਨ ਵਿੱਚ ਸਮਰੱਥ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਮਾਮਲੇ ਦੀ ਜਾਂਚ ਕਰਨ ਤੇ ਮੁਲਜ਼ਮਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦਾ ਆਦੇਸ਼ ਦਿੱਤਾ ਹੈ ਅਤੇ ਆਬਕਾਰੀ ਵਿਭਾਗ ਤੇ ਪੁਲਿਸ ਦੇ 13 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਅਰੁਨਾ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਨੂੰ ਆਦੇਸ਼ ਦਿੱਤਾ ਹੈ ਕਿ ਸੂਬੇ ਵਿੱਚ ਜੇ ਕਿਤੇ ਵੀ ਨਕਲੀ ਸ਼ਰਾਬ ਬਣਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ, ਅਤੇ ਹੁਣ ਤੱਕ ਸੂਬੇ ਭਰ ਵਿੱਚ 100 ਤੋਂ ਵੱਧ ਥਾਵਾਂ ਉਤੇ ਛਾਪੇ ਮਾਰੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਇਹ ਮੰਗ ਸਿਰਫ਼ ਸਿਆਸੀ ਢਕਵੰਜ ਹੈ, ਜਦੋਂ ਕਿ ਪੰਜਾਬ ਪੁਲੀਸ ਇਸ ਤਰ੍ਹਾਂ ਦੇ ਵੱਡੀ ਗਿਣਤੀ ਕੇਸ ਹੱਲ ਕਰਨ ਦਾ ਤਜਰਬਾ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਰਾਜ ਵਿੱਚ ਅਜਿਹੇ ਮਾਫ਼ੀਆ ਨੂੰ ਨੱਥ ਪਾਉਣ ਲਈ ਲੋੜੀਂਦੇ ਕਦਮ ਚੁੱਕੇ ਹਨ।
ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਕਾਂਡ ਦੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਸ਼ਰਾਬ ਕੱਢਣ ਤੇ ਸਮਗਲ ਕਰਨ ਵਾਲੇ ਸਾਰੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਤੇ ਆਬਕਾਰੀ ਵਿਭਾਗਾਂ ਦੇ 13 ਅਧਿਕਾਰੀਆਂ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਨੇ ਮੈਜਿਸਟਰੇਟੀ ਜਾਂਚ ਲਈ ਕਮਿਸ਼ਨ ਬਣਾ ਕੇ 1 ਮਹੀਨੇ ਅੰਦਰ ਰਿਪੋਰਟ ਦੇਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਘਟਨਾ ਦੇ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।