ਚੰਡੀਗੜ੍ਹ: ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਵਰਕਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ, ਜਿਸ ਤੋਂ ਬਾਅਦ ਅੱਜ ਪੰਜਾਬ ਵਿੱਚ ਸਾਰੀਆਂ ਸਰਕਾਰੀ ਬੱਸਾਂ ਚੱਲ ਰਹੀਆਂ ਹਨ। ਦੱਸ ਦਈਏ ਕਿ ਮੁਲਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ ਸਮਾਂ ਮਿਲ ਗਿਆ ਹੈ, ਜਿਸ ਕਾਰਨ ਪੰਜਾਬ ਰੋਡਵੇਜ਼ ਅਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਨੇ ਆਪਣੀ 3 ਦਿਨ ਦੀ ਹੜਤਾਲ ਅਤੇ ਜਾਮ ਨੂੰ ਵਾਪਸ ਲੈ ਲਈ ਹੈ ਤੇ ਹੁਣ ਸਾਰੀਆਂ ਬੱਸਾਂ ਆਮ ਵਾਂਗ ਚੱਲਣਗੀਆਂ।
ਮੀਟਿੰਗ ਲਈ ਮਿਲਿਆ ਸਮਾਂ: ਦਰਅਸਲ ਮੁੱਖ ਮੰਤਰੀ ਵੱਲੋਂ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਮਿਲਣ ਤੋਂ ਬਾਅਦ ਪੰਜਾਬ ਰੋਡਵੇਜ਼ ਅਤੇ ਪਨਬੱਸ ਠੇਕਾ ਮੁਲਾਜ਼ਮਾਂ ਨੇ ਹੜਤਾਲ ਦਾ ਫੈਸਲਾ ਵਾਪਸ ਲੈ ਲਿਆ ਹੈ। ਕਰਮਚਾਰੀ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਹੜਤਾਲ ਵਾਪਸ ਲੈਣ ਦੀ ਸੂਚਨਾ ਸਾਰਿਆਂ ਨੂੰ ਦੇ ਦਿੱਤੀ ਗਈ ਹੈ।
3 ਦਿਨਾਂ ਦੀ ਹੜਤਾਲ ਦੀ ਕੀਤਾ ਸੀ ਐਲਾਨ: ਦੱਸ ਦਈਏ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 14 ਤੋਂ 16 ਅਗਸਤ ਤੱਕ ਮੁਕੰਮਲ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਸੀ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਇਕੱਠੇ ਹੋ ਕੇ ਦੇਸ਼ ਦੇ ਅਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ।
ਕੱਚੇ ਮੁਲਾਜ਼ਮਾਂ ਦੀਆਂ ਇਹ ਹਨ ਮੰਗਾਂ: ਮੁਲਾਜ਼ਮਾਂ ਦੀ ਮੰਗ ਹੈ ਕਿ ਟਰਾਂਸਪੋਰਟ ਵਿੱਚੋਂ ਠੇਕੇਦਾਰੀ ਪ੍ਰਥਾ ਖ਼ਤਮ ਕੀਤੀ ਜਾਵੇ। ਸਰਕਾਰ ਨੂੰ 20 ਤੋਂ 25 ਕਰੋੜ ਕਰਮਚਾਰੀਆਂ ਦੀ ਭਲਾਈ 'ਤੇ ਖਰਚ ਕਰਨਾ ਚਾਹੀਦਾ ਹੈ ਜੋ ਜੀਐਸਟੀ ਤੋਂ ਬਚੇ ਹਨ। ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਵਾਧਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਕਿਲੋਮੀਟਰ ਸਕੀਮ ਨੂੰ ਖਤਮ ਕਰਕੇ ਬੱਸਾਂ ਨੂੰ ਰੋਡਵੇਜ਼ ਦੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇ। ਰੋਡਵੇਜ਼ ਵਿੱਚ ਖਾਲੀ ਪਈਆਂ ਅਸਾਮੀਆਂ ’ਤੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ, ਪਰ ਇਹ ਭਰਤੀ ਆਊਟਸੋਰਸ ਜਾਂ ਠੇਕੇ ’ਤੇ ਨਹੀਂ ਹੋਣੀ ਚਾਹੀਦੀ, ਸਗੋਂ ਸਿੱਧੀ ਹੋਣੀ ਚਾਹੀਦੀ ਹੈ।
ਪਹਿਲਾਂ ਵੀ ਮੰਗਾਂ ਮੰਨਣ ਦਾ ਦਿੱਤਾ ਸੀ ਭਰੋਸਾ: ਕਰਮਚਾਰੀ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਵੀ ਅਗਸਤ ਵਿੱਚ ਉਹਨਾਂ ਨੇ ਚੱਕਾ ਜਾਮ ਕੀਤਾ ਸੀ ਜਿਸ ਕਰਕੇ ਮੁੱਖ ਮੰਤਰੀ ਨੇ ਖੁਦ ਉਹਨਾਂ ਨਾਲ ਮੀਟਿੰਗ ਕਰਕੇ ਹੱਲ ਦਾ ਭਰੋਸਾ ਦਿਵਾਇਆ। 18 ਅਗਸਤ 2022 ਨੂੰ ਮੁੱਖ ਮੰਤਰੀ ਨੇ ਖੁਦ ਮੀਟਿੰਗ ਕਰਕੇ ਸਮਾਂ ਮੰਗਿਆ ਸੀ ਸਰਕਾਰ ਵੱਲੋਂ ਭਰੋਸਾ ਦਿਵਾਉਣ ਤੋਂ ਬਾਅਦ ਉਹਨਾਂ ਵੱਲੋਂ ਹੜਤਾਲ ਖ਼ਤਮ ਕੀਤੀ ਗਈ, ਪਰ ਇਕ ਸਾਲ ਬੀਤਣ ਤੋਂ ਬਾਅਦ ਵੀ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਅਤੇ ਠੇਕੇ 'ਤੇ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ।