ਚੰਡੀਗੜ੍ਹ: ਟਰਾਂਸਪੋਰਟ ਵਿਭਾਗ ਵੱਲੋਂ ਆਨਲਾਈਨ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ (Transport Department launched online services) ਹਨ। ਦੱਸ ਦਈਏ ਕਿ ਟਰਾਂਸਪੋਰਟ ਵਿਭਾਗ ਵੱਲੋਂ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ।
ਇਹ ਵੀ ਪੜੋ: Daily Love Rashifal: ਦੋਸਤਾਂ ਅਤੇ ਲਵ ਪਾਰਟਨਰਾਂ ਦੇ ਨਾਲ ਬੀਤੇਗਾ ਇਨ੍ਹਾਂ ਰਾਸ਼ੀਆਂ ਦਾ ਦਿਨ
ਖਰੜਾ ਨੀਤੀ ਤਹਿਤ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਜਿਹੇ ਸ਼ਹਿਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿਉਂਕਿ ਸੂਬੇ ਦੇ 50 ਫ਼ੀਸਦੀ ਤੋਂ ਵੱਧ ਵਾਹਨ ਇਨ੍ਹਾਂ ਸ਼ਹਿਰਾਂ ਵਿੱਚ ਹਨ। ਖਰੜਾ ਨੀਤੀ ਅਨੁਸਾਰ ਸੂਬੇ ਭਰ ਵਿੱਚ ਨਿੱਜੀ ਅਤੇ ਜਨਤਕ ਇਲੈਕਟ੍ਰਿਕ ਵਾਹਨਾਂ ਲਈ ਇਲੈਕਟ੍ਰਿਕ ਚਾਰਜਿੰਗ ਪੁਆਇੰਟਾਂ ਦੇ ਰੂਪ ਵਿੱਚ ਬੁਨਿਆਦੀ ਢਾਂਚੇ ਦੀ ਸਥਾਪਨਾ ਕੀਤੀ ਜਾਵੇਗੀ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਖਰੜਾ ਨੀਤੀ ਵਿੱਚ ਸੂਬੇ 'ਚ ਇਲੈਕਟ੍ਰਿਕ ਵਾਹਨਾਂ ਦੀ ਚੋਣ ਕਰਨ ਵਾਲੇ ਲੋਕਾਂ ਲਈ ਨਕਦ ਰਿਆਇਤਾਂ ਦੀ ਵਿਵਸਥਾ ਕੀਤੀ ਗਈ ਹੈ। ਇਲੈਕਟ੍ਰਿਕ ਵਾਹਨਾਂ ਦੇ ਪਹਿਲੇ ਇੱਕ ਲੱਖ ਖ਼ਰੀਦਦਾਰਾਂ ਨੂੰ 10,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ। ਇਲੈਕਟ੍ਰਿਕ ਆਟੋ-ਰਿਕਸ਼ਾ ਅਤੇ ਈ-ਰਿਕਸ਼ਾ ਦੇ ਪਹਿਲੇ 10,000 ਖ਼ਰੀਦਦਾਰਾਂ ਨੂੰ 30,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ। ਪਹਿਲੇ 5000 ਈ-ਕਾਰਟ ਖ਼ਰੀਦਦਾਰਾਂ ਨੂੰ 30,000 ਰੁਪਏ ਤੱਕ ਦੀ ਰਿਆਇਤ ਮਿਲੇਗੀ। ਹਲਕੇ ਵਪਾਰਕ ਵਾਹਨਾਂ ਦੇ ਪਹਿਲੇ 5000 ਖ਼ਰੀਦਦਾਰਾਂ ਨੂੰ 30,000 ਤੋਂ 50,000 ਰੁਪਏ ਤੱਕ ਦੀ ਰਿਆਇਤ ਮਿਲੇਗੀ।
ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ 'ਤੇ ਲੱਗਣ ਵਾਲੀ ਰਜਿਸਟ੍ਰੇਸ਼ਨ ਫ਼ੀਸ ਅਤੇ ਰੋਡ ਟੈਕਸ ਵਿੱਚ ਛੋਟ ਦੀ ਵਿਵਸਥਾ ਵੀ ਕੀਤੀ ਗਈ ਹੈ। ਨੀਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕਾਂ ਦੇ ਵਿਚਾਰ ਲਏ ਜਾਣਗੇ। ਇਸੇ ਤਰ੍ਹਾਂ ਪੰਜਾਬ ਵਾਸੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਈ-ਗਵਰਨੈਂਸ ਵੱਲ ਕਦਮ ਪੁੱਟਦਿਆਂ ਟਰਾਂਸਪੋਰਟ ਵਿਭਾਗ ਵੱਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲੋਕ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ 'ਤੇ ਸਿਰਫ਼ ਇੱਕ ਕਲਿੱਕ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਰਹੇ ਹਨ।
ਇਸ ਪੋਰਟਲ http://www.sarathi.parivahan.gov.in ਦੀ ਸ਼ੁਰੂਆਤ ਨਾਲ ਲੋਕ ਹੁਣ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੇ ਇੱਕ ਕਲਿੱਕ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਰਹੇ ਹਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਕੇ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਬਿਨੈਕਾਰ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕੇਗਾ। ਇਹ ਆਨਲਾਈਨ ਸੇਵਾ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰ ਰਹੀ ਹੈ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ 'ਚ ਖੜ੍ਹਨਾ ਪੈਂਦਾ ਸੀ।
ਦੱਸ ਦਈਏ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ ਆਰ.ਟੀ.ਏ. ਦਫ਼ਤਰਾਂ ਵਿੱਚ ਜਾਣ ਤੋਂ ਬਗ਼ੈਰ 5 ਲੱਖ ਤੋਂ ਵੱਧ ਬਿਨੈਕਾਰ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਦੇ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਜੇ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।
ਇਹ ਵੀ ਪੜੋ: Sports Year Ender 2022: ਹਾਕੀ ਟੀਮ ਨੇ ਰਚਿਆ ਇਤਿਹਾਸ, ਦੇਸ਼ ਲਈ ਜਿੱਤੇ ਮੈਡਲ