ਚੰਡੀਗੜ੍ਹ: ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫ਼ਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ। ਜੇਲ੍ਹ ਵਿਭਾਗ ਦੇ ਸੂਤਰਾਂ ਮੁਤਾਬਕ ਰਾਜੋਆਣਾ ਨਾਲ ਸਬੰਧਿਤ ਫਾਈਲ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤੀ ਗਈ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜੋਆਣਾ ਨੂੰ ਇਹ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਹੋਰ ਵੀ ਕਈ ਕੈਦੀ ਹਨ ਜਿਨ੍ਹਾਂ ਨੂੰ ਪ੍ਰਕਾਸ਼ ਪੁਰਬ ਮੌਕੇ ਰਿਹਾਅ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਚੰਡੀਗੜ੍ਹ ਸਕੱਤਰੇਤ ਵਿੱਚ 31 ਅਗਸਤ 1995 ਵਿੱਚ ਮਨੁੱਖੀ ਬੰਬ ਨਾਲ ਧਮਾਕਾ ਕਰਕੇ ਬੇਅੰਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੂੰ ਮੁੱਖ ਦੋਸ਼ੀ ਪਾਇਆ ਗਿਆ ਸੀ ਅਤੇ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।।