ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਜਕਾਰਤਾ ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂਆਂ ਦਾ ਸਨਮਾਨ ਕਰਦਿਆਂ ਪੈਰਾ ਏਸ਼ੀਆਈ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਤਿੰਨ ਖਿਡਾਰੀਆਂ ਨੂੰ 1.5 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ।
ਰਾਣਾ ਸੋਢੀ ਨੇ ਜਕਾਰਤਾ, ਇੰਡੋਨੇਸ਼ੀਆ ਵਿਖੇ 6 ਤੋਂ 13 ਅਕਤੂਬਰ, 2018 ਦੌਰਾਨ ਹੋਈਆਂ ਤੀਜੀਆਂ ਪੈਰਾ ਏਸ਼ੀਅਨ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਪਾਵਰ ਲਿਫਟਰ ਪਰਮਜੀਤ ਕੁਮਾਰ, ਸ਼ਾਟ-ਪੁੱਟਰ ਮੁਹੰਮਦ ਯਾਸਿਰ, ਅਤੇ ਬੈਡਮਿੰਟਨ ਖਿਡਾਰੀ ਰਾਜ ਕੁਮਾਰ ਨੂੰ 50-50 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕਰਦਿਆਂ ਤਿੰਨਾਂ ਖਿਡਾਰੀਆਂ ਨੂੰ ਆਪਣੇ ਨਿਰਧਾਰਤ ਟੀਚਿਆਂ ਨੂੰ ਹੋਰ ਮਿਹਨਤ ਨਾਲ ਪੂਰਾ ਕਰਨ ਅਤੇ ਰਾਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਉਨ੍ਹਾਂ ਖਿਡਾਰੀਆਂ ਨੂੰ ਵਿੱਤੀ ਸਹਾਇਤਾ, ਬੁਨਿਆਦੀ ਢਾਂਚਾ ਅਤੇ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਸਣੇ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
ਰਾਣਾ ਸੋਢੀ ਨੇ ਦੱਸਿਆ ਕਿ ਖੇਡ ਵਿਭਾਗ ਨੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀਆਂ ਨਗਦ ਪੁਰਸਕਾਰਾਂ ਲਈ ਪ੍ਰਾਪਤ ਅਰਜ਼ੀਆਂ ਦੀ ਪੜਤਾਲ ਕੀਤੀ ਅਤੇ 1,101 ਤਮਗ਼ਾ ਜੇਤੂਆਂ ਦੀ ਸੂਚੀ ਬਣਾਈ ਹੈ। ਇਨ੍ਹਾਂ ਖਿਡਾਰੀਆਂ ਨੂੰ ਪੰਜਾਬ ਸਰਕਾਰ ਸਤੰਬਰ ਮਹੀਨੇ ਤੱਕ 4,85,46,100 ਰੁਪਏ ਦੀ ਪੁਰਸਕਾਰ ਰਾਸ਼ੀ ਨਾਲ ਸਨਮਾਨਿਤ ਕਰੇਗੀ। ਉਨ੍ਹਾਂ ਕਿਹਾ ਕਿ ਪੁਰਸਕਾਰਾਂ ਨੂੰ ਵੱਖ-ਵੱਖ ਤਮਗ਼ਾ ਵਰਗ ਅਤੇ ਖੇਡਾਂ ਦੇ ਆਧਾਰ ’ਤੇ ਦਿੱਤਾ ਜਾਵੇਗਾ ਕਿਉਂਕਿ ਕੋਵਿਡ-19 ਮਹਾਂਮਾਰੀ ਦੌਰਾਨ ਵੱਡੇ ਇਕੱਠ ਨਹੀਂ ਸੱਦੇ ਜਾ ਸਕਦੇ।
ਖੇਡ ਮੰਤਰੀ ਨੇ ਕਿਹਾ ਕਿ ਵੱਖ-ਵੱਖ ਕੌਮਾਂਤਰੀ ਅਤੇ ਕੌਮੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਤਮਗ਼ਾ ਜਿੱਤਣਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹਤਾ ਦਾ ਨਤੀਜਾ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਖੇਡਾਂ ਪ੍ਰਤੀ ਸਮਰਪਣ ਭਾਵਨਾ ਲਈ ਸ਼ਾਨਦਾਰ ਨਗਦ ਪੁਰਸਕਾਰ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਖੇਡ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ ਤਹਿਤ ਪੈਰਾਲੰਪਿਕਸ, ਪੈਰਾ ਏਸ਼ੀਅਨ ਅਤੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਸਾਰੇ ਤਮਗ਼ਾ ਜੇਤੂਆਂ ਨੂੰ ਉਲੰਪਿਕ, ਏਸ਼ੀਅਨ ਅਤੇ ਰਾਸ਼ਟਰਮੰਡਲ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਦੇ ਬਰਾਬਰ ਨਗਦ ਪੁਰਸਕਾਰ ਦਿੱਤੇ ਜਾ ਰਹੇ ਹਨ।
ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਖਿਡਾਰੀਆਂ ਲਈ ਵੱਖਰਾ ਕੋਟਾ ਰਾਖਵਾਂ ਰੱਖਣ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੀਆਂ ਸਰਕਾਰੀ ਨੌਕਰੀਆਂ ਸਮੇਤ ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ/ਵਿਧਾਨਕ ਸੰਸਥਾਵਾਂ ਅਤੇ ਸਥਾਨਕ ਅਥਾਰਟੀਆਂ ਵਿੱਚ ਕੌਮੀ ਪੱਧਰ ਉਤੇ ਸੂਬੇ ਦੀ ਨੁਮਾਇੰਦਗੀ ਕਰ ਚੁੱਕੇ ਪੰਜਾਬ ਦੇ ਵਾਸੀ ਤੇ ਗਰੇਡਿਡ ਖਿਡਾਰੀਆਂ ਲਈ ਤਿੰਨ ਫੀਸਦੀ ਕੋਟਾ ਜਾਰੀ ਰੱਖਣ ਲਈ ਵੀ ਵਚਨਬੱਧ ਹੈ।
ਇਸ ਤੋਂ ਇਲਾਵਾ ਹਾਲ ਹੀ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਖਿਡਾਰੀਆਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਮੁਹੱਈਆ ਕਰਨ ਦਾ ਵੀ ਫ਼ੈਸਲਾ ਲਿਆ ਗਿਆ। ਇਸ ਫ਼ੈਸਲੇ ਨਾਲ ਕੌਮੀ ਖੇਡਾਂ/ਸੀਨੀਅਰ ਕੌਮੀ ਚੈਂਪੀਅਨਸ਼ਿਪਾਂ/ਮਾਨਤਾ ਪ੍ਰਾਪਤ ਕੌਮਾਂਤਰੀ ਟੂਰਨਾਮੈਂਟ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਖਿਡਾਰੀ ਸਰਕਾਰੀ ਨੌਕਰੀਆਂ ਵਿੱਚ ਗਰੁੱਪ-1 ਤੇ ਗਰੁੱਪ-2 ਉਤੇ ਭਰਤੀ ਲਈ ਯੋਗ ਹੋਣਗੇ।