ਚੰਡੀਗੜ੍ਹ: ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਗ ਕੀਤੀ ਹੈ ਕਿ ਕੋਵਿਡ-19 ਸੰਕਟ ਕਾਰਨ ਲੱਗੇ ਕਰਫਿਊ, ਤਾਲਾਬੰਦੀ ਨਾਲ ਪੰਜਾਬ ਵਿੱਚ ਫਸੇ ਐਨਆਰਆਈਜ਼ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਨੂੰ ਵਾਪਸ ਭੇਜਣ ਲਈ ਭਾਰਤ ਸਰਕਾਰ ਨੂੰ ਉਪਰਾਲੇ ਕਰਨੇ ਚਾਹੀਦੇ ਹਨ।
ਰਾਣਾ ਸੋਢੀ ਨੇ ਅੱਜ ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਇਸ ਮੁੱਦੇ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਨੂੰ ਗੁਜਾਰਿਸ਼ ਕੀਤੀ ਕਿ ਉਹ ਇਹ ਗੰਭੀਰ ਮਸਲਾ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਕੀਤੀ ਜਾਣ ਵਾਲੀ ਵੀਡੀਓ ਕਾਨਫਰੰਸਿੰਗ ਵਿੱਚ ਉਠਾਉਣ।
ਕੈਬਿਨੇਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਪਰਵਾਸੀ ਭਾਰਤੀ ਕੁਝ ਸਮੇਂ ਲਈ ਆਪਣੇ ਵਤਨ ਆਏ ਸਨ ਪਰ ਕੋਵਿਡ-19 ਸੰਕਟ ਤੇ ਕਰਫਿਊ ਦੀਆਂ ਬੰਦਸ਼ਾਂ ਕਾਰਨ ਉਹ ਮਜਬੂਰੀ ਇੱਥੇ ਫ਼ਸ ਗਏ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਕੈਨੇਡਾ, ਅਮਰੀਕਾ, ਇੰਗਲੈਂਡ ਆਦਿ ਮੁਲਕਾਂ ਦੇ ਬਸ਼ਿੰਦਿਆਂ ਦੀ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਨ੍ਹਾਂ ਪਰਵਾਸੀ ਭਾਰਤੀਆਂ ਨੂੰ ਆਪਣੇ ਮੁਲਕ ਜਾਣ ਵਿੱਚ ਮਦਦ ਕਰਨੀ ਚਾਹੀਦੀ ਹੈ ਅਤੇ ਸਬੰਧਤ ਦੇਸ਼ਾਂ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਦੀ ਸਹੂਲਤ ਅਨੁਸਾਰ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਇੱਛਾ ਨਾਲ ਆਪਣੇ ਪਰਿਵਾਰਾਂ ਕੋਲ ਜਾ ਸਕਣ।