ਹੁਸ਼ਿਆਰਪੁਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮੁਕੇਰੀਆਂ ਵਿਖੇ ਮਾਲ ਹਲਕਾ ਦੇਵੀਦਾਸ ਵਿੱਚ ਇੱਕ ਮਾਲ ਪਟਵਾਰੀ ਨੂੰ 45000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਪਟਵਾਰੀ ਦੀ ਪਛਾਣ ਜਤਿੰਦਰ ਬਹਿਲ ਵੱਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਡੀਐਸਪੀ ਨਿਰੰਜਨ ਸਿੰਘ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਪੋਤਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਕੋਲੋਂ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਗਈ ਹੈ, ਜਿਸ ਦੀ ਪਹਿਲੀ ਕਿਸ਼ਤ ਵੱਜੋਂ 5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ।
ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਕਥਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਦੇ 45,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਦਬੋਚਿਆ ਗਿਆ।
ਡੀਐਸਪੀ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।