ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਪੱਛੜੀ ਸ਼ੇਣੀਆਂ, ਘੱਟ ਗਿਣਤੀਆਂ ਅਤੇ ਅਨੁਸੂਚਿਤ ਜਾਤੀਆਂ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਦਿੱਤੇ ਜਾਂਦੇ ਕਰਜ਼ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ 'ਤੇ ਜ਼ੋਰ ਦਿੱਤਾ ਹੈ।
ਐਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਧਰਮਸੋਤ ਨੇ ਕਿਹਾ ਕਿ ਪੱਛੜੀ ਸ਼ੇਣੀਆਂ, ਘੱਟ ਗਿਣਤੀਆਂ ਅਤੇ ਅਨੁਸੂਚਿਤ ਜਾਤੀਆਂ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਨਿਰਧਾਰਤ ਸਮਾਂ ਸੀਮਾ 'ਚ ਦੇਣ ਲਈ ਨਿਯਮਾਂ 'ਚ ਸੋਧ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਭਲਾਈ ਅਧਿਕਾਰੀ ਦੀ ਪ੍ਰਧਾਨਗੀ 'ਚ ਬਣੀ ਕਮੇਟੀ ਨੂੰ 1 ਲੱਖ ਤੱਕ ਦੇ ਵੱਖ-ਵੱਖ ਕਰਜ਼ੇ ਪਾਸ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਵਿਭਾਗੀ ਹੁਕਮ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਕਰਜ਼ਦਾਰਾਂ ਦੇ ਕਰਜ਼ੇ ਮੁਆਫ਼ ਕਰਨ ਸਬੰਧੀ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ।
ਧਰਮਸੋਤ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਦੱਸਣਯੋਗ ਹੈ ਕਿ ਬੈਕਫਿੰਕੋ ਅਤੇ ਐਸ. ਸੀ. ਕਾਰਪੋਰੇਸ਼ਨ ਵਲੋਂ ਸਿੱਧਾ ਕਰਜ਼ਾ ਸਕੀਮ ਤਹਿਤ 6 ਫੀਸਦੀ ਦੀ ਵਿਆਜ ਦਰ 'ਤੇ 50 ਹਜ਼ਾਰ ਤੋਂ 1 ਲੱਖ ਤੱਕ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਕਰਜ਼ਾ ਡੇਅਰੀ ਫਾਰਮਿੰਗ (3-5 ਪਸ਼ੂ), ਪੋਲਟਰੀ ਫਾਰਮਿੰਗ, ਸਬਜੀਆਂ ਉਗਾਉਣਾ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ, ਕਾਰਪੈਂਟਰੀ, ਫਰਨੀਚਰ ਲੁਹਾਰਾ ਕੰਮ, ਆਟਾ ਚੱਕੀ, ਕੋਹਲੂ, ਆਟੋ ਰਿਕਸ਼ਾ (ਪੈਸੰਜਰ ਢੋਆ ਢੁਆਈ), ਜਨਰਲ ਸਟੋਰ (ਕਰਿਆਨਾ ਕੈਟਲ ਪੋਲਟਰੀ ਫੀਡ), ਹਾਰਡਵੇਅਰ ਸਟੋਰ (ਸੈਂਟਰੀ ਅਤੇ ਬਿਲਡਿੰਗ ਮੈਟੀਰੀਅਲ, ਲੋਹਾ) ਆਦਿ ਲਈ ਹੈ।
ਇਸ ਤੋਂ ਇਲਾਵਾ ਕੱਪੜਾ ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ ਸਟੇਸ਼ਨਰੀ ਦੀ ਦੁਕਾਨ, ਫੋਟੋ ਸਟੈਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਸਵੀਟ ਸ਼ਾਪ ਢਾਬਾ, ਬਿਊਟੀ ਪਾਰਲਰ ਅਤੇ ਪੰਡਾਲ ਜਾਂ ਸ਼ਾਮਿਆਨਾ ਸਰਵਿਸ ਆਦਿ ਕਿੱਤੇ ਸ਼ੁਰੂ ਕਰਨ ਲਈ ਲਏ ਜਾ ਸਕਦੇ ਹਨ। ਬੈਕਫਿੰਕੋ ਅਤੇ ਐਸ.ਸੀ. ਕਾਰਪੋਰੇਸ਼ਨ ਤੋਂ ਕਰਜ਼ਾ ਲੈਣ ਲਈ ਨਿਰਧਾਰਿਤ ਯੋਗਤਾਵਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ।