ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਸਮਾਗਮਾਂ ਦੀ ਲੜੀ ਹੇਠ ਚੰਡੀਗੜ੍ਹ ਚ ਵਿਸ਼ੇਸ਼ ਤੌਰ 'ਤੇ ਸਥਾਪਤ ਕੀਤੇ ਗਏ 'ਰਬਾਬ' ਨਾਂਅ ਦੇ ਵਿਸ਼ਾਲ ਪੰਡਾਲ ਵਿੱਚ ਰੌਸ਼ਨੀ ਅਤੇ ਆਵਾਜ਼ ਦੇ ਸੁਮੇਲ ਵਾਲੇ ਗ੍ਰੈਂਡ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦੀ ਅਲੌਕਿਕ ਪੇਸ਼ਕਾਰੀ ਦੂਜੇ ਦਿਨ ਵੀ ਸਫ਼ਲ ਰਹੀ।
'ਚੜ੍ਹਿਆ ਸੋਧਣ ਧਰਤਿ ਲੋਕਾਈ' ਸ਼ੋਅ ਦੀ ਦਿਲਕਸ਼ ਪੇਸ਼ਕਾਰੀ ਤੋਂ ਬਾਅਦ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਦੂਜੇ ਦਿਨ ਦੀ ਸ਼ਾਮ ਵੀ ਗੁਰੂ ਨਾਨਕ ਦੀ ਸਿਫ਼ਤ ਅਤੇ ਸੂਫ਼ੀਆਨਾ ਕਲਾਮ ਪੇਸ਼ ਕਰਕੇ ਸਮਾਂ ਬੰਨ੍ਹਦਿਆਂ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ।
ਮਲਟੀ ਮੀਡੀਆ ਸ਼ੋਅ ਦੇ ਦੂਜੇ ਦਿਨ ਦੀ ਪੇਸ਼ਕਾਰੀ ਮੌਕੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਤਮਸਤਕ ਹੁੰਦਿਆਂ ਆਪਣੀ ਹਾਜ਼ਰੀ ਲਵਾਈ। ਸ੍ਰੀ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਕਾਰਜਾਂ ਬਾਰੇ ਦੱਸਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਫਲਸਫ਼ਾ ਬਰਾਬਰੀ ਵਾਲੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਸਮਕਾਲੀ ਸਮੇਂ ਹੋਰ ਵੀ ਜ਼ਿਆਦਾ ਪ੍ਰਸੰਗਿਕ ਹੈ।
ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਦੂਰ ਦੁਰਾਡੇ ਤੋਂ ਪੁੱਜੀ ਸੰਗਤ ਜਿੱਥੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ 15 ਨਵੰਬਰ ਦੀ ਰਾਤ ਤੱਕ ਕਰਵਾਏ ਜਾ ਰਹੇ ਇਸ ਪ੍ਰਭਾਵਸ਼ਾਲੀ ਸਮਾਗਮ ਨੂੰ ਭਰਵਾਂ ਹੁੰਗਾਰਾ ਦੇ ਰਹੀ ਹੈ, ਉਥੇ ਹੀ ਇਸ ਦੀ ਰੱਜਵੀਂ ਸ਼ਲਾਘਾ ਕਰਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਵੀ ਜਾਣੂ ਹੋ ਰਹੀ ਹੈ।