ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪਾਂ ਨੂੰ ਲੈ ਕੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਲੌਂਗੋਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੋ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਏ ਹਨ, ਉਨ੍ਹਾਂ ਨੂੰ ਲੈ ਕੇ ਪੰਜਾਬ ਸਰਕਾਰ ਢਿੱਲ ਵਰਤ ਰਹੀ ਹੈ। ਇਸੇ ਨੂੰ ਲੈ ਕੇ ਅਕਾਲੀ ਦਲ ਅਤੇ ਐਸ.ਜੀ.ਪੀ.ਸੀ. ਵੱਲੋਂ ਕੈਪਟਨ ਅਤੇ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਧਰਨੇ ਦਿੱਤੇ ਜਾਣਗੇ।
ਪ੍ਰਧਾਨ ਲੌਂਗੋਵਾਲ ਨੂੰ ਜਦੋਂ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਲਵ-ਕੁਸ਼ ਦੇ ਵੰਸ਼ ਵਿੱਚੋਂ ਹੋਣ ਦੇ ਬਿਆਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਨਾ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਇਸ ਬਿਆਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਬਹੁਤ ਹੀ ਠੇਸ ਪਹੁੰਚੀ ਹੈ।
ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਰੂ ਗੋਬਿੰਦ ਸਿੰਘ ਵੱਲੋਂ ਗੋਬਿੰਦ ਰਮਾਇਣ ਲਿਖੇ ਜਾਣ ਬਾਰੇ ਦਿੱਤੇ ਬਿਆਨ ਬਾਰੇ ਜਦੋਂ ਲੌਂਗੋਵਾਲ ਤੋਂ ਪੁੱਛਿਆ ਗਿਆ ਤਾਂ ਉਹ ਇਸ ਦੇ ਜਵਾਬ ਤੋਂ ਭੱਜਦੇ ਨਜ਼ਰ ਆਏ ਅਤੇ ਉਨ੍ਹਾਂ ਕਿਹਾ ਕਿ ਮੈਨੂੰ ਤਾਂ ਇਸ ਬਾਰੇ ਕੁੱਝ ਵੀ ਨਹੀਂ ਪਤਾ ਹੈ।
ਦੱਸ ਦਈਏ ਕਿ ਬੀਤੀ ਕੱਲ੍ਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਯੁੱਧਿਆ ਵਿਖੇ ਭੂਮੀ ਪੂਜਣ ਤੋਂ ਬਾਅਦ ਦਿੱਤੇ ਭਾਸ਼ਣ ਵਿੱਚ ਕਿਹਾ ਗਿਆ ਸੀ ਕਿ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਗੋਬਿੰਦ ਰਮਾਇਣ ਲਿਖੀ ਹੈ। ਜਿਸ ਤੋਂ ਬਾਅਦ ਸਿੱਖਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।