ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੁਖਬੀਰ ਬਾਦਲ ਨੇ ਇਹ ਨੋਟਿਸ ਮੁੱਖ ਮੰਤਰੀ ਵੱਲੋਂ ਬਾਲਾਸਰ ਫਾਰਮ ਹਾਊਸ (Balasar Farm House) ਅਤੇ ਟਰਾਂਸਪੋਰਟ ਨੂੰ ਲੈ ਕੇ ਦਿੱਤੇ ਬਿਆਨ ਕਾਰਨ ਭੇਜਿਆ ਹੈ। ਇਹ ਨੋਟਿਸ ਉਨ੍ਹਾਂ ਨੇ ਆਪਣੇ ਵਕੀਲ ਅਰਸ਼ਦੀਪ ਕਲੇਰ ਰਾਹੀਂ ਸੀਐੱਮ ਮਾਨ ਨੂੰ ਪਹੁੰਚਾਇਆ ਹੈ। ਇਸ ਨੋਟਿਸ ਵਿੱਚ ਝੂਠੀ ਦੂਸ਼ਣਬਾਜ਼ੀ ਲਈ ਮੁੱਖ ਮੰਤਰੀ ਪੰਜਾਬ ਨੂੰ 5 ਦਿਨਾਂ ਦੇ ਅੰਦਰ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੇਰੇ ਅਤੇ ਮੇਰੇ ਪਰਿਵਾਰ 'ਤੇ ਝੂਠੇ ਇਲਜ਼ਾਮ ਲਾਏ ਹਨ। ਉਨ੍ਹਾਂ ਨੋਟਿਸ ਵਿੱਚ ਇਹ ਵੀ ਕਿਹਾ ਹੈ ਕਿ ਜੇਕਰ ਮੁੱਖ ਮੰਤਰੀ ਨੇ ਨਿਰਧਾਰਤ ਸਮੇਂ ਵਿੱਚ ਮੁਆਫ਼ੀ ਨਾ ਮੰਗੀ ਤਾਂ ਉਹ ਮੁੱਖ ਮੰਤਰੀ ਖ਼ਿਲਾਫ਼ ਮਾਣਹਾਨੀ ਦਾ ਕੇਸ ਕਰਨਗੇ।
ਪਹਿਲਾਂ ਵੀ ਸਐੱਮ ਮਾਨ ਉੱਤੇ ਕੀਤਾ ਕੇਸ: ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ (Legal notice to Bhagwant Maan) ਭੇਜਿਆ ਸੀ। ਇੱਕ ਨਵੰਬਰ 2023 ਨੂੰ ਰੱਖੀ ਗਈ ਬਹਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਰਿਆਣਾ ਨੂੰ ਪਾਣੀ ਦੇਣ ਦੀ ਪੈਰਵੀ ਕਰਨ ਦੇ ਇਲਜ਼ਾਮ ਲਗਾਏ ਸਨ ਤਾਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ।
ਸੁਖਬੀਰ ਬਾਦਲ ਨੇ ਸੀਐੱਮ ਭਗਵੰਤ ਮਾਨ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ‘ਤੇ ਬਹਿਸ ਦੌਰਾਨ ਲਗਾਏ ਇਲਜ਼ਾਮਾਂ ਲਈ ਮੁਆਫੀ ਮੰਗਣ। ਸੁਖਬੀਰ ਸਿੰਘ ਬਾਦਲ ਨੇ ਚਿਤਾਵਨੀ ਦਿੱਤੀ ਸੀ ਕਿ ਨਹੀਂ ਤਾਂ ਉਹ ਮੁੱਖ ਮੰਤਰੀ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਨਗੇ। ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਐੱਸਵਾਈਐੱਲ ਨਹਿਰ ਦੇ ਨਿਰਮਾਣ ਰਾਹੀਂ ਹਰਿਆਣਾ ਨੂੰ ਪਾਣੀ ਦੇਣ ਦੇ ਹੱਕ ਵਿੱਚ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਸੀ।