ਚੰਡੀਗੜ੍ਹ: ਬੀਤੇ ਦਿਨੀਂ ਖੇਤੀ ਆਰਡੀਨੈਂਸ ਸਬੰਧਿਤ ਮੁੱਖ ਮੰਤਰੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਨੂੰ ਲੈ ਕੇ ਵੀਰਵਾਰ ਨੂੰ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖੁੱਲ੍ਹ ਕੇ ਬੋਲੇ।
ਇਸ ਦੌਰਾਨ ਬਾਦਲ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਵੱਲੋਂ ਜਾਰੀ ਕੀਤੇ ਪ੍ਰੈੱਸ ਰਿਲੀਜ਼ 'ਚ ਤੱਥਾਂ ਨੂੰ ਤੋੜ ਮਰੋੜ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਵੱਲੋਂ ਆਰਡੀਨੈਂਸਾਂ ਵਿਰੁੱਧ ਪੇਸ਼ ਕੀਤੇ ਮਤਿਆਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਸੱਚਾਈ ਤੋਂ ਕੋਹਾਂ ਦੂਰ ਹੈ।
ਬਾਦਲ ਨੇ ਕਿਹਾ ਕਿ ਕੇਂਦਰੀ ਆਰਡੀਨੈਂਸ ਕਿਸਾਨਾਂ ਦੇ ਹਿੱਤ ਵਿੱਚ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਪਸ਼ੱਟ ਕਰ ਦਿੱਤਾ ਸੀ ਕਿ ਆਰਡੀਨੈਂਸਾਂ ਵਿੱਚ ਕਿਸੇ ਵੀ ਥਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਖ਼ਤਮ ਕਰਨ ਦੀ ਗੱਲ ਨਹੀਂ ਹੈ। ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਵੀ ਸਪਸ਼ੱਟ ਕਰ ਦਿੱਤਾ ਸੀ ਕਿ ਇਨ੍ਹਾਂ ਆਰਡੀਨੈਂਸਾਂ ਵਿੱਚ ਕਿਤੇ ਵੀ ਸੰਘਵਾਦ ਦੇ ਖ਼ਿਲਾਫ਼ ਕੁਝ ਨਹੀਂ ਲਿਖਿਆ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੇ ਸਰਬ ਪਾਰਟੀ ਮੀਟਿੰਗ 'ਚ ਭਰੋਸਾ ਦੁਆਇਆ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਖ਼ਤਮ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਇਸ ਗੱਲ ਲਈ ਸਹਿਮਤੀ ਦਿੱਤੀ ਸੀ ਕਿ ਅਤੇ ਕਿਹਾ ਸੀ ਕਿ ਜੇਕਰ ਕੋਈ ਸ਼ੰਕਾ ਹੈ ਤਾਂ ਉਹ ਪ੍ਰਧਾਨ ਮੰਤਰੀ ਕੋਲ ਸਪਸ਼ੱਟੀਕਰਨ ਲੈਣ ਲਈ ਜਾਣ ਵਾਲੇ ਵਫਦ ਦੇ ਨਾਲ ਚੱਲਣ ਨੂੰ ਤਿਆਰ ਹਨ ਪਰ ਸਰਕਾਰ ਨੇ ਇਸ ਗੱਲ ਨੂੰ ਪ੍ਰੈਸ ਬਿਆਨ 'ਚ ਤੋੜ ਮਰੋੜ ਕੇ ਪੇਸ਼ ਕੀਤਾ ਤੇ ਇਹ ਲਿਖਿਆ ਕਿ ਅਕਾਲੀ ਦਲ ਵੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਵਫਦ ਨਾਲ ਜਾਵੇਗਾ ਤੇ ਇਹ ਵਫਦ ਕੇਂਦਰੀ ਆਰਡੀਨੈਂਸ ਵਾਪਸ ਲੈਣ ਦੀ ਮੰਗ ਕਰੇਗਾ।