ਚੰਡੀਗੜ੍ਹ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਸਵੇਰੇ 6:45 ਉੱਤੇ ਮੋਗਾ ਦੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਬਠਿੰਡਾ ਤੋਂ ਅਸਾਮ ਜੇਲ੍ਹ ਦੀ ਏਅਰਲਿਫਟ ਕੀਤਾ ਗਿਆ। ਇਸ ਸਾਰੇ ਮਾਮਲੇ ਨੂੰ ਲੈ ਕੇ ਜਾਣਕਾਰੀ ਸਾਂਝੀ ਕਰਦੇ ਹੋਏ ਆਈਜੀ ਸੁਖਚੈਨ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਸਾਰੇ ਵਿੰਗ ਮਿਲ ਕੇ ਕੰਮ ਕਰ ਰਹੇ ਹਨ। ਅੰਮ੍ਰਿਤਪਾਲ ਸਿੰਘ ਵਿਰੁੱਧ ਐਨਐਸਏ ਤਹਿਤ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸੀ। ਇਹ ਸਾਰਾ ਸਰਚ ਆਪ੍ਰੇਸ਼ਨ ਸੀਐਮ ਮਾਨ ਦੀ ਅਗਵਾਈ ਹੇਠ ਚਲਾਇਆ ਗਿਆ ਹੈ। ਸੀਐਮ ਮਾਨ ਲਗਾਤਾਰ ਇਸ ਆਪ੍ਰੇਸ਼ਨ ਦਾ ਅਪਡੇਟ ਲੈ ਰਹੇ ਸੀ।
ਅੰਮ੍ਰਿਤਪਾਲ ਨੂੰ ਘੇਰ ਕੇ ਗ੍ਰਿਫਤਾਰ ਕੀਤਾ: ਆਈਜੀ ਸੁਖਚੈਨ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਅੱਜ ਸਵੇਰੇ 6:45 ਵਜੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪਿੰਡ ਰੋਡੇ ਨੂੰ ਪੰਜਾਬ ਪੁਲਿਸ ਨੇ ਸਵੇਰੇ ਹੀ ਘੇਰਾ ਪਾ ਲਿਆ ਸੀ। ਉਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਚਿਤਾਵਨੀ ਦੇਣਾ ਚਾਹੁੰਦੇ ਹਨ ਕਿ ਅਜਿਹਾ ਨਾ ਕਰਨ ਨਹੀਂ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਹੋਰ ਜੋ ਵੀ ਜਾਣਕਾਰੀ ਆਵੇਗੀ, ਉਹ ਸਾਂਝੀ ਕਰ ਦਿੱਤੀ ਜਾਵੇਗੀ।
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ: ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੂੰ ਰੋਡੇ ਪਿੰਡ ਦੇ ਗੁਰਦੁਆਰੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਗੁਰਦੁਆਰੇ ਵਿੱਚ ਪਾਠ ਕੀਤਾ ਅਤੇ ਫਿਰ ਸੰਗਤ ਨੂੰ ਸੰਬੋਧਨ ਕੀਤਾ। ਉਹ ਇੱਥੇ ਆਪਣੇ ਸਮਰਥਕਾਂ ਦੀ ਭੀੜ ਨਾਲ ਆਤਮ ਸਮਰਪਣ ਕਰਨਾ ਚਾਹੁੰਦਾ ਸੀ, ਪਰ ਮਾਹੌਲ ਨਾ ਵਿਗੜੇ ਇਸ ਲਈ ਪੁਲਿਸ ਨੇ ਪਹਿਲਾਂ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਹੈ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਫਰਾਰ ਸੀ। ਉਸ ਨੇ ਆਪਣੇ ਇੱਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ। 18 ਮਾਰਚ ਨੂੰ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰਨ ਲਈ ਘੇਰਾਬੰਦੀ ਕੀਤੀ, ਪਰ ਉਹ ਫਰਾਰ ਹੋ ਗਿਆ।