ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਮਤਭੇਦ ਭੁਲਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਉਪਰ ਪਹਿਰਾ ਦਿੱਤਾ ਜਾ ਸਕੇ।
ਇਸ ਸਬੰਧ ਵਿੱਚ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 2.44 ਕਰੋੜ ਦੀ ਲਾਗਤ ਨਾਲ ਨਵੇਂ ਬਣਾਏ ਗਏ ਆਈ.ਸੀ.ਯੂ.,ਟਰੋਮਾ ਸੈਂਟਰ,ਐਮਰਜੈਂਸੀ ਵਾਰਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਲਈ ਵੱਡੀ ਪਹਿਲ ਕਦਮੀ ਕਰਦਿਆਂ ਕੈਬਨਿਟ ਮੰਤਰੀਆਂ ਦਾ ਗਰੁੱਪ ਬਣਇਆ ਹੋਇਆ ਹੈ ਤਾਂ ਜੋ SGPC ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕੀਤਾ ਜਾ ਸਕਣ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਸ਼ਾਰੇ 'ਤੇ ਸਾਂਝੇ ਸਮਾਗਮ ਕਰਵਾਉਣ ਦੇ ਯਤਨਾਂ ਨੂੰ ਤਾਰਪੀਡੋ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 46 ਲੱਖ ਪਰਿਵਾਰਾਂ ਨੂੰ ਰਜਿਸਟਰਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਦਿਹਾਤੀ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।
ਸਿਹਤ ਵਿਭਾਗ ਵੱਲੋਂ ਗੁਰਪੁਰਬ ਸਮਾਗਮਾਂ ਦੌਰਾਨ ਸਰਧਾਲੂਆਂ ਨੂੰ ਐਮਰਜੰਸੀ ਅਤੇ ਦੂਜੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਤਿੰਨਾਂ ਟੈਂਟ ਸਿਟੀਆਂ ਵਿੱਚ 15 ਤੋਂ 60 ਬੈਡਾਂ ਦੇ ਆਰਜ਼ੀ ਹਸਪਤਾਲ ਬਣਾਏ ਗਏ ਹਨ। ਇਸ ਤੋਂ ਇਲਾਵਾ ਕਿਸੇ ਹੰਗਾਮੀ ਹਲਾਤ ਨਾਲ ਨਜਿੱਠਣ ਲਈ 24 ਐਂਬੂਲੈਂਸਾਂ ਅਤੇ 20 ਬਾਈਕ ਐਂਬੂਲੈਂਸਾਂ ਲਗਾਈਆਂ ਗਈਆਂ ਹਨ।