ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਉਹ ਆਪਣੇ ਪੁਰਾਣੇ ਦੋਸਤ ਅਸ਼ਵਨੀ ਸੇਖੜੀ ਨੂੰ ਭਾਜਪਾ ਵਿੱਚ ਸ਼ਾਮਲ ਕਰਕੇ ਖੁਸ਼ੀ ਮਹਿਸੂਸ ਕਰ ਰਹੇ ਹਨ। ਕਾਂਗਰਸ ਅੱਜ ਆਪਣੀ ਵਿਚਾਰਧਾਰਾ ਨੂੰ ਭੁੱਲ ਗਈ ਹੈ, ਇਸੇ ਕਾਰਨ ਪੁਰਾਣੇ ਆਗੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।
ਮੁੱਖ ਮੰਤਰੀ ਅਤੇ ਦੇ ਰਾਜਪਾਲ ਵਿਚਾਲੇ ਟਕਰਾਅ ਸਬੰਧੀ ਬਿਆਨ: ਸੁਨੀਲ ਜਾਖੜ ਨੇ ਕਿਹਾ ਕਿ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਰਾਜਪਾਲ ਕੋਲ ਵੱਖ-ਵੱਖ ਮੁੱਦੇ ਚੁੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਅੱਜ ਡੁੱਬ ਰਿਹਾ ਹੈ ਪਰ ਮੁੱਖ ਮੰਤਰੀ ਇਸ ਪਾਸੇ ਧਿਆਨ ਨਹੀਂ ਦੇ ਰਹੇ ਹਨ। ਉਹ ਰਾਜਪਾਲ ਨਾਲ ਟਕਰਾਅ ਦੀ ਸਥਿਤੀ ਪੈਦਾ ਕਰ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਨੇ ਕਿਹਾ ਕਿ ਸੁਨੀਲ ਜਾਖੜ ਜਿੱਥੇ ਵੀ ਹਨ, ਅਸੀਂ ਵੀ ਉੱਥੇ ਹੀ ਰਹਾਂਗੇ। ਅੱਜ ਭਾਜਪਾ ਵਿੱਚ ਸ਼ਾਮਲ ਹੋ ਕੇ ਅਸੀਂ ਖੁਸ਼ੀ ਮਹਿਸੂਸ ਕਰ ਰਹੇ ਹਾਂ। ਸ਼ੇਖੜੀ ਨੇ ਕਿਹਾ ਕਾਂਗਰਸ ਪਾਰਟੀ ਅੰਦਰ ਸਿਰਫ਼ ਕੁਰਸੀ ਲਈ ਲੜ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਵੀ ਕੁਰਸੀ ਦੀ ਲੜਾਈ ਹੀ ਚੱਲ ਰਹੀ ਹੈ।
ਕਾਂਗਰਸ ਨੇ ਸਾਬਕਾ ਮੰਤਰੀ ਸੇਖੜੀ ਨੂੰ ਪਾਰਟੀ ਤੋਂ ਕੀਤਾ ਸੀ ਸਸਪੈਂਡ: ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸੀਨੀਅਰ ਆਗੂ ਅਸ਼ਵਨੀ ਸੇਖੜੀ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਮੁਲਕਾਤ ਤੋਂ ਬਾਅਦ ਕਾਂਗਰਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਸੇਖੜੀ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਸੀ ਤਾਂ ਅੱਜ ਅਧਿਕਾਰਿਕ ਤੌਰ ਉੱਤੇ ਅਸ਼ਵਨੀ ਸੇਖੜੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਜਗਦੀਸ਼ ਰਾਜ ਸਾਹਨੀ ਤੋਂ ਬਾਅਦ ਭਾਜਪਾ ਨੂੰ ਬਟਾਲਾ ਵਿਧਾਨ ਸਭਾ ਸੀਟ ਤੋਂ ਵੱਡੇ ਨੇਤਾ ਦੀ ਤਲਾਸ਼ ਸੀ। ਇਸ ਤੋਂ ਇਲਾਵਾ ਅਸ਼ਵਨੀ ਸੇਖੜੀ ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਵੀ ਲੋਕ ਸਭਾ ਚੋਣਾਂ 2024 ਲਈ ਭਾਜਪਾ ਦੀ ਵੱਡੀ ਯੋਜਨਾ ਮੰਨਿਆ ਜਾ ਰਿਹਾ ਹੈ।