ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਮਾਮਲੇ ਵਿੱਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਫੈਸਲਾ ਸੁਣਾਇਆ ਜਾਵੇਗਾ। ਸਾਲ 1995 ਵਿੱਚ ਪੰਜਾਬ ਦੇ ਉਸ ਸਮੇਂ ਮੌਜੂਦਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਉੱਤੇ 3 ਜੱਜਾਂ ਦੀ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ। ਉਥੇ ਹੀ ਮਾਮਲੇ ਵਿੱਚ ਕੇਂਦਰ ਨੇ ਆਪਣਾ ਹਲਫ਼ਨਾਮਾ ਦਾਖਲ ਕੀਤਾ ਹੈ। ਕੇਂਦਰ ਨੇ ਕਿਹਾ ਹੈ ਕਿ ਸੁਰੱਖਿਆ ਕਾਰਣਾਂ ਕਰਕੇ ਫੈਸਲਾ ਨਹੀਂ ਲਿਆ ਜਾ ਸਕਿਆ ਹੈ।
ਦੂਜੇ ਪਾਸੇ ਰਾਜੋਆਣਾ ਦੇ ਵਕੀਲ ਦਾ ਕਹਿਣਾ ਹੈ ਕਿ ਉਸ ਦਾ ਮੁਵੱਕਿਲ 26 ਸਾਲਾਂ ਤੋਂ ਜੇਲ੍ਹ ਵਿੱਚ ਹੈ, ਜਿਸ ਕਾਰਨ ਉਸ ਦੀ ਮੌਤ ਦੀ ਸਜ਼ਾ ਮੁਆਫ਼ ਹੋ ਕੇ ਰਿਹਾਈ ਮਿਲਣੀ ਚਾਹੀਦੀ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹੱਤਿਆ ਕਰ ਦਿੱਤੀ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਅਤੇ ਪੰਜਾਬ ਪੁਲਿਸ ਦੇ ਕਾਂਸਟੇਬਲ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਬੇਅੰਤ ਸਿੰਘ 'ਤੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਦੇ ਪੱਖ ਤੋਂ ਹਮਲਾ ਹੋਣਾ ਸੀ।