ਚੰਡੀਗੜ੍ਹ: ਬਰਗਾੜੀ ਮਾਮਲੇ ਵਿੱਚ CBI ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਸੁਪਰੀਮ ਕੋਰਟ ਨੇ CBI ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਨਹੀਂ, ਸਗੋਂ ਪੰਜਾਬ ਪੁਲਿਸ ਹੀ ਕਰੇਗੀ।
ਸੀਬੀਆਈ ਨੇ ਮੋਹਾਲੀ ਕੋਰਟ ਵਿੱਚ ਕਲੋਜ਼ਰ ਰਿਪੋਰਟ ਦਾਖਲ ਕੀਤੀ ਸੀ। ਕਲੋਜ਼ਰ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੀਬੀਆਈ ਨੇ ਮੁੜ ਜਾਂਚ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਸੀ ਜੋ ਕਿ ਹੁਣ ਖਾਰਜ ਹੋ ਗਈ ਹੈ।
ਪੰਜਾਬ ਸਰਕਾਰ ਨੇ ਪਿਛਲੇ ਸਾਲ ਪਹਿਲਾਂ 23 ਜੁਲਾਈ ਨੂੰ ਵੀ ਇਸ ਰਿਪੋਰਟ ਦੀ ਕਾਪੀ ਲੈਣ ਲਈ ਅਰਜ਼ੀ ਦਿੱਤੀ ਸੀ ਪਰ ਉਹ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਉਸ ਤੋਂ ਬਾਅਦ ਸਰਕਾਰ ਨੇ ਬੀਤੀ 20 ਅਗਸਤ ਨੂੰ ਇੱਕ ਜਾਇਜ਼ਾ ਪਟੀਸ਼ਨ ਦਾਇਰ ਕੀਤੀ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬੇਅਦਬੀ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਕੀਤੀ ਸੀ। ਸੀਬੀਆਈ ਨੇ 13 ਨਵੰਬਰ, 2015 ਨੂੰ ਤਿੰਨ ਵੱਖ-ਵੱਖ ਕੇਸ ਦਰਜ ਕੀਤੇ ਸਨ।