ਚੰਡੀਗੜ੍ਹ: ਅੱਤਵਾਦੀ ਹਰਵਿੰਦਰ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ 'ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ (Terrorist Harwinder Singh Rinda died) ਆਈ ਹੈ, ਹਾਲਾਂਕਿ ਇਸ ਦਾ ਕਾਰਨ ਸਪੱਸ਼ਟ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਰਿੰਦਾ ਨੂੰ ਕਿਡਨੀ ਦੀ ਬੀਮਾਰੀ ਸੀ ਤੇ ਉਸ ਦੀ ਮੌਤ ਦਵਾਈਆਂ ਦੀ ਓਵਰਡੋਜ਼ ਕਾਰਨ ਹੋਈ ਹੈ, ਪਰ ਕੁਝ ਮੀਡੀਆ ਰਿਪੋਰਟਾਂ ਵਿਚ ਕਿਹਾ ਜਾ ਰਿਹਾ ਹੈ ਕਿ ਉਸ ਦਾ ਗੋਲੀ ਮਾਰਕੇ ਕਤਲ ਕੀਤਾ ਗਿਆ ਹੈ। ਇਸ ਸਬੰਧੀ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਹੈ ਕਿ ਉਹਨਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲਿਆ ਹੈ।
ਇਹ ਵੀ ਪੜੋ: ਜਾਣੋ ਕਿਸ ਦੇ ਇਸ਼ਾਰੇ 'ਤੇ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ, ਕੌਣ ਹੈ ਹਰਵਿੰਦਰ ਸਿੰਘ ਰਿੰਦਾ
ਸੋਸ਼ਲ ਮੀਡੀਆ ਉੱਤੇ ਪਾਈ ਪੋਸਟ: ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ਉੱਤੇ ਰਿੰਦਾ ਦੀ ਮੌਤ ਦੀ ਜ਼ਿੰਮੇਵਾਰੀ ਲਈ ਹੈ। ਗਿਰੋਹ ਦਾ ਕਹਿਣਾ ਹੈ ਕਿ ਰਿੰਦਾ ਨੂੰ ਪਾਕਿਸਤਾਨ ’ਚ ਸਥਾਪਿਤ ਕੀਤਾ ਗਿਆ ਸੀ ਪਰ ਉਹ ਵਿਰੋਧੀ ਗੈਂਗ ਦੇ ਮੈਂਬਰਾਂ ਨਾਲ ਮਿਲ ਗਿਆ ਸੀ। ਬੰਬੀਹਾ ਗੈਂਗ ਨੇ ਇਹ ਵੀ ਦਾਅਵਾ ਕੀਤਾ ਕਿ ਰਿੰਦਾ ਨੇ ਮੂਸੇਵਾਲਾ ਦੇ ਕਤਲ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਹਿਯੋਗ ਕੀਤਾ ਸੀ। ਪੰਜਾਬ ਅਤੇ ਕੇਂਦਰੀ ਏਜੰਸੀਆਂ ਨੇ ਵੀ ਰਿੰਦਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਤਰਨ ਤਾਰਨ ਦਾ ਰਹਿੰਣ ਵਾਲਾ ਸੀ ਰਿੰਦਾ: ਦੱਸ ਦਈਏ ਕਿ ਅੱਤਵਾਦੀ ਹਰਵਿੰਦਰ ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ, ਪਰ ਬਾਅਦ ਵਿੱਚ ਉਹ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਚਲਾ ਗਿਆ ਸੀ। ਰਿੰਦਾ ਨੂੰ ਸਤੰਬਰ 2011 ਵਿੱਚ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਨੇਪਾਲ ਦੇ ਰਸਤੇ ਭੱਜਿਆ ਪਾਕਿਸਤਾਨ: ਅੱਤਵਾਦੀ ਹਰਵਿੰਦਰ ਰਿੰਦਾ ਦਾ ਨਾਂ ਕਈ ਅਪਰਾਧਿਕ ਮਾਮਲਿਆਂ ’ਚ ਸਾਹਮਣੇ ਆਉਣ ਤੋਂ ਬਾਅਦ ਉਹ ਫਰਜ਼ੀ ਪਾਸਪੋਰਟ ਬਣਵਾ ਕੇ ਨੇਪਾਲ ਦੇ ਰਸਤੇ ਪਾਕਿਸਤਾਨ ਭੱਜ ਗਿਆ ਸੀ ,ਜਿੱਥੇ ਪਾਕਿਸਤਾਨੀ ਖੁਫੀਆ ਏਜੰਸੀ ਆਈ. ਐੱਸ. ਆਈ. ਨੇ ਉਸ ਨੂੰ ਆਪਣਾ ਗੁਰਗਾ ਬਣਾ ਲਿਆ ਸੀ। ਹਾਲ ਹੀ ਵਿੱਚ ਪੰਜਾਬ ਵਿੱਚ ਹੋਈਆਂ ਕਈ ਵੱਡੀਆਂ ਘਟਨਾਵਾਂ ਵਿੱਚ ਸਾਹਮਣੇ ਆਇਆ ਸੀ।