ਚੰਡੀਗੜ੍ਹ: ਪਾਕਿਸਤਾਨ ਵਿੱਚ ਬੇਅਦਬੀ ਦਾ ਮਾਮਲਾ ਭਖਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿੱਚ ਦੋ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ। ਇਸ ਮਾਮਲੇ ਦੇ ਪ੍ਰਕਾਸ਼ ਵਿੱਚ ਆਉਣ ਤੋਂ ਬਾਅਦ ਲਗਾਤਾਰ ਸਿੱਖ ਜਥੇਬੰਦੀਆਂ ਅਤੇ ਸਿੱਖ ਮਾਮਲਿਆਂ ਦੇ ਚਿੰਤਕਾਂ ਵਿੱਚ ਰੋਹ ਪਾਇਆ ਜਾ ਰਿਹਾ ਹੈ। ਸਾਰਿਆਂ ਨੇ ਹੀ ਇਸ ਮਾਮਲੇ ਦੀ ਨਿਖੇਧੀ ਦੇ ਨਾਲ ਨਾਲ ਮੁਲਜ਼ਮਾਂ ਉੱਤੇ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕੀਤੀ ਨਿਖੇਧੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਨਨਕਾਣਾ ਸਾਹਿਬ ਜ਼ਿਲ੍ਹੇ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਮਾਮਲੇ ਵਿੱਚ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਰਜਿੰਦਰ ਧਾਮੀ ਨੇ ਕਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿੱਚ ਸਿੱਖਾਂ ਉੱਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਪਰ ਪੁਲਿਸ ਵੱਲੋਂ ਮੁਲਜ਼ਮਾਂ ਦੇ ਖਿਲਾਫ ਨਾ ਤਾਂ ਕਾਰਵਾਈ ਹੁੰਦੀ ਹੈ ਅਤੇ ਨਾ ਹੀ ਸਿੱਖ ਮਸਲਿਆਂ ਨੂੰਨ ਗੰਭੀਰਤਾ ਨਾਲ ਲਿਆ ਜਾਂਦਾ ਹੈ।
ਸਿੱਖਾਂ ਉੱਤੇ ਬਣਾਇਆ ਜਾ ਰਿਹਾ ਦਬਾਅ: ਧਾਮੀ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਪਾਕਿਸਤਾਨ ਪੁਲਿਸ ਵਲੋਂ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ ਸਿੱਖਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਾਕਿਸਤਾਨ ਸਰਕਾਰ ਤੋਂ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਧਾਮੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੀ ਇਸ ਮਾਮਲੇ ਵਿੱਚ ਦਖਲ ਦੇਵੇ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਕਿਸਤਾਨ ਸਰਕਾਰ ਨਾਲ ਕੂਟਨੀਤਕ ਪੱਧਰ 'ਤੇ ਮੋਦੀ ਸਰਕਾਰ ਨੂੰ ਗੱਲਬਾਤ ਕਰਨੀ ਚਾਹੀਦੀ ਹੈ।
ਮਨਜਿੰਦਰ ਸਿਰਸਾ ਨੇ ਵੀ ਕੀਤਾ ਟਵੀਟ: ਇਸ ਮਾਮਲੇ ਉੱਤੇ ਭਾਜਪਾ ਲੀਡਰ ਮਨਜਿੰਦਰ ਸਿਰਸਾ ਨੇ ਵੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਕੱਟੜਪੰਥੀਆਂ ਦੇ ਹਮਲੇ ਦਾ ਸ਼ਿਕਾਰ ਹੋਏ ਸਿੱਖ ਪਰਿਵਾਰ ਨੇ ਪਾਕਿ ਦੀ ਸਿੱਖ ਸੰਗਤ ਦੇ ਸਹਿਯੋਗ ਦੀ ਮੰਗ ਦੇ ਨਾਲ ਇਨਸਾਫ ਵੀ ਮੰਗਿਆ ਹੈ।ਐਫਆਈਆਰ ਦੇ ਬਾਵਜੂਦ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਪਾਕਿਸਤਾਨ ਦੀ ਸਰਕਾਰ ਕੱਟੜਪੰਥੀ ਸਮੂਹਾਂ ਦੇ ਦਬਾਅ ਹੇਠ ਘੱਟ ਗਿਣਤੀਆਂ ਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।