ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਥਾਪਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ। ਸੂਬੇ ਭਰ ਦੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹਨ, ਜਿਸ ਦਾ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੱਖ-ਵੱਖ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਨਿਪੁੰਨ ਬਣਨ ਲਈ ਸਿੱਖਣ ਦਾ ਵਧੀਆ ਤਜਰਬਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰ ਰਹੇ ਹਨ।
ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਤਿਆਰ : ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਧਿਆਨ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨ ਉਤੇ ਕੇਂਦਰਤ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸਕੂਲ ਮਿਆਰੀ ਸਿੱਖਿਆ ਦੇਣ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਣਗੇ ਅਤੇ ਇਨ੍ਹਾਂ ਸਕੂਲਾਂ ਦੇ ਨਤੀਜੇ ਸਕੂਲ ਸਿੱਖਿਆ ਵਿੱਚ ਨਵੇਂ ਯੁੱਗ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ‘ਸਕੂਲ ਆਫ਼ ਐਮੀਨੈਂਸ’ ਦੇ ਅਧਿਆਪਕਾਂ ਦਾ ਸਨਮਾਨ ਕਰੇਗੀ। ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕੌਮਾਂਤਰੀ ਪੱਧਰ ਉਤੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਮੁਕਾਮ ਬਣਾਉਣ ਲਈ ਉਹ ਸਖ਼ਤ ਮਿਹਨਤ ਕਰਨ। ਇਸ ਵਰਚੂਅਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਇਨ੍ਹਾਂ ਸਕੂਲਾਂ ਬਾਰੇ ਉਨ੍ਹਾਂ ਦੇ ਤਜਰਬੇ ਪੁੱਛੇ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਉਹ ਵਿਦਿਆਰਥੀਆਂ ਨੂੰ ਮਿਲ ਰਹੀ ਸਿੱਖਿਆ ਬਾਰੇ ਉਨ੍ਹਾਂ ਦੇ ਪ੍ਰਤੀਕਰਮ ਲੈਣ ਲਈ ਬਾਕਾਇਦਾ ਅਜਿਹੀਆਂ ਮੀਟਿੰਗਾਂ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਤੋਂ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ ਲਈ ਆਖਿਆ ਅਤੇ ਕਿਹਾ ਕਿ ਜੇ ਵਿਦਿਆਰਥੀਆਂ ਨੂੰ ਕੋਈ ਸ਼ਿਕਾਇਤ ਜਾਂ ਘਾਟ ਰੜਕਦੀ ਹੈ ਤਾਂ ਉਹ ਵੀ ਦੱਸ ਸਕਦੇ ਹਨ।
- ਸਾਬਕਾ ਸੀਐੱਮ ਚੰਨੀ ਦੇ ਕਥਿਤ ਰਿਸ਼ਵਤ ਕਾਂਡ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਕਿਆ ਪਰਦਾ, ਅਲਟੀਮੇਟਮ ਪੂਰਾ ਹੋਣ 'ਤੇ ਪੇਸ਼ ਕੀਤੇ ਸਬੂਤ
- Punjab Cabinet Reshuffle: ਮੰਤਰੀ ਮੰਡਲ ਦੇ ਫੇਰਬਦਲ ਵਿੱਚ ਜਾਣੋ ਕਿਨ੍ਹਾਂ ਦਾ ਖੁੱਸਿਆ ਵਿਭਾਗ ਤੇ ਕਿਨ੍ਹਾਂ ਦਾ ਵਧਿਆ ਕੱਦ
- Punjab Weather Update: ਬਦਲਦੇ ਮੌਸਮ ਨੇ ਤੋੜੇ 50 ਸਾਲਾਂ ਦੇ ਰਿਕਾਰਡ, 31 ਡਿਗਰੀ ਰਿਹਾ ਦਿਨ ਦਾ ਤਾਪਮਾਨ
ਵਿਦਿਆਰਥੀਆਂ ਲਈ ਸਟੱਡੀ ਟੂਰ : ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਭਰ ਦੀਆਂ ਅਹਿਮ ਥਾਵਾਂ ਦੇ ‘ਸਟੱਡੀ ਟੂਰਾਂ’ ਦਾ ਵੀ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਉਹ ਸੂਬੇ ਵੱਲੋਂ ਵੱਖ-ਵੱਖ ਖ਼ੇਤਰਾਂ ਵਿੱਚ ਕੀਤੀ ਤਰੱਕੀ ਤੋਂ ਵੀ ਜਾਣੂੰ ਹੋਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਵਿੱਚ ਮਦਦ ਮਿਲੇਗੀ। ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਲਈ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਛੁੱਟੀਆਂ ਦੀ ਵਰਤੋਂ ਆਪਣੇ ਸਿੱਖਿਆ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਕਰਨ।