ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇੱਕ ਵਾਰ ਫਿਰ ਸੰਪੂਰਨ ਲੌਕਡਾਊਨ ਲਾਉਣ ਤੋਂ ਇਨਕਾਰ ਕਰ ਦਿੱਤਾ। ਮੌਜੂਦਾ ਸਮੇਂ ਲਾਈਆਂ ਗਈਆਂ ਪਾਬੰਦੀਆਂ ਕਈ ਸੂਬਿਆਂ ਦੇ ਲੌਕਡਾਊਨ ਹਾਲਾਤ ਤੋਂ ਜ਼ਿਆਦਾ ਸਖ਼ਤ ਹਨ। ਉਨ੍ਹਾਂ ਇਸ ਮੌਕੇ ਕੋਵਿਡ ਦੇ ਵੱਧਦੇ ਖਤਰੇ ਦੇ ਮੱਦੇਨਜ਼ਰ ਵੱਖੋ-ਵੱਖ ਵਰਗਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਛੋਟ ਅਤੇ ਰਾਹਤ ਦਾ ਐਲਾਨ ਵੀ ਕੀਤਾ।
ਕੋਵਿਡ ਦੇ ਵੱਧਦੇ ਮਾਮਲਿਆਂ ਦੇ ਸਨਮੁੱਖ, ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ 50 ਫੀਸਦੀ ਤੱਕ ਕੀਤੇ ਜਾਣ ਦੇ ਹੁਕਮ ਦਿੱਤੇ ਅਤੇ ਬਾਕੀ ਅਧਿਆਪਕ ਘਰਾਂ ਤੋਂ ਆਨਲਾਈਨ ਕਲਾਸਾਂ ਲੈਣਗੇ। ਉਨ੍ਹਾਂ ਖੁਰਾਕ ਵਿਭਾਗ ਨੂੰ ਕੋਵਿਡ ਮਰੀਜ਼ਾਂ ਲਈ 5 ਲੱਖ ਵਾਧੂ ਖਾਣੇ ਦੇ ਪੈਕਟ ਤਿਆਰ ਕਰਨ ਦੇ ਹੁਕਮ ਦਿੱਤੇ, ਤਾਂ ਜੋ ਹਰੇਕ ਮਰੀਜ਼ ਨੂੰ ਨਿੱਜੀ ਤੌਰ 'ਤੇ ਇਹ ਪੈਕੇਟ ਮਿਲ ਸਕਣ। ਜਿੱਥੇ ਕੀਤੇ ਵੀ ਇੱਕ ਪਰਿਵਾਰ ਵਿੱਚ ਇੱਕ ਤੋਂ ਵਧੇਰੇ ਮਰੀਜ਼ ਹਨ। ਸੂਬਾ ਸਰਕਾਰ ਵੱਲੋਂ 1.41 ਲੱਖ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਵਾਧੂ ਤੌਰ 'ਤੇ 10 ਕਿਲੋ ਆਟਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਖੁਰਾਕ ਸਬੰਧੀ ਇਹ ਮਦਦ ਪਹਿਲਾਂ ਤੋਂ ਹੀ ਗ਼ਰੀਬ ਵਰਗ ਦੇ ਕੋਵਿਡ ਨਾਲ ਪੀੜਤ ਵਿਅਕਤੀਆਂ ਨੂੰ ਦਿੱਤੀ ਜਾ ਰਹੀ ਹੇੈ।
ਜਿਸ ਤਹਿਤ 10 ਕਿਲੋ ਆਟਾ, 2 ਕਿਲੋ ਛੋਲੇ ਅਤੇ 2 ਕਿਲੋ ਚੀਨੀ ਪ੍ਰਦਾਨ ਕੀਤੀ ਜਾਵੇਗੀ। ਇਹ ਸਹਾਇਤਾ ਭਾਰਤ ਸਰਕਾਰ ਵੱਲੋਂ ਐਲਾਨੀ ਗਈ ਮਦਦ ਤੋਂ ਵੀ ਛੁੱਟ ਹੈ। ਬੰਦਿਸ਼ਾਂ ਕਾਰਨ ਹੋ ਰਹੀਆਂ ਮੁਸ਼ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਮਾਜਿਕ ਭਲਾਈ ਵਿਭਾਗ ਨੂੰ ਕਿਹਾ ਕਿ ਸਮਾਜਿਕ ਸਰੁੱਖਿਆ ਪੈਨਸ਼ਨਾਂ ਤੁਰੰਤ ਜਾਰੀ ਕੀਤੀਆਂ ਜਾਣ ਤਾਂ ਜੋ ਲੋਕਾਂ ਨੂੰ ਮੌਜੂਦਾ ਸੰਕਟ ਦੇ ਚੱਲਦਿਆਂ ਅੱਗੇ ਕੋਈ ਪ੍ਰੇਸ਼ਾਨੀ ਨਾ ਹੋਵੇ।